Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕਣ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਤਿੱਖ ਜਵਾਬ ਦਿੱਤਾ ਗਿਆ ਹੈ। 'ਆਪ' ਦੇ ਸੀਨੀਅਰ ਲੀਡਰ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਜਾ ਵੜਿੰਗ ਦੀਆਂ ਗੱਲਾਂ ’ਤੇ ਜ਼ਿਆਦਾ ਗੌਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਤਾਂ ਆਪਣੀ ਹੀ ਪਾਰਟੀ ਨੂੰ ਖਤਮ ਕਰ ਦਿੱਤਾ ਹੈ।

ਭੁੱਲਰ ਨੇ ਕਿਹਾ ਕਿ ਜਦੋਂ ਤੋਂ ਰਾਜਾ ਵੜਿੰਗ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਹਨ, ਉਦੋਂ ਤੋਂ ਪਾਰਟੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਆਪਣੀ ਪਾਰਟੀ ਦੇ ਮੈਂਬਰਾਂ ਨੂੰ ਇੱਕ ਨਹੀਂ ਰੱਖ ਸਕਦਾ, ਉਹ ਕੁਝ ਵੀ ਨਹੀਂ ਕਰ ਸਕਦਾ।

ਦੱਸ ਦਈਏ ਕਿ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ‘ਆਪ’ ਵੱਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕੇ ਸਨ ਕਿ ਸੂਬਾ ਸਰਕਾਰ ਨੇ ਮੁਹੱਲਾ ਕਲੀਨਕਾਂ ’ਤੇ ਸਾਰਾ ਪੈਸਾ ਕੇਂਦਰ ਸਰਕਾਰ ਦਾ ਖ਼ਰਚ ਕਰਨਾ ਹੈ ਤੇ ਮਸ਼ਹੂਰੀ ਆਪਣੀ ਕਰਨੀ ਹੈ।


 


ਕੀ ਕਿਹਾ ਸੀ ਰਾਜਾ ਵੜਿੰਗ ਨੇ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਅਧੀਨ ਬਣ ਰਹੇ ਆਮ ਆਦਮੀ ਕਲੀਨਕਾਂ ਦਾ AAP ਸਰਕਾਰ ਵੱਲੋਂ ਰੱਜ ਕੇ ਪ੍ਰਚਾਰ ਕੀਤਾ ਜਾਵੇਗਾ। ਪੰਜਾਬ ਸਰਕਾਰ ਅੱਗੇ ਇਹ ਅਪੀਲ ਹੈ ਕਿ ਇਸ਼ਤਿਹਾਰਾਂ ਦੀ ਬਜਾਏ ਹਸਪਤਾਲਾਂ ਵਿੱਚ ਦਵਾਈਆਂ ਦਾ ਘਾਟਾ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤਯਾਬ ਹੋਣ ਲਈ ਦਵਾਈਆਂ ਚਾਹੀਦੀਆਂ ਨੇ, ਇਮਾਰਤਾਂ ਨਹੀਂ।



ਦੱਸ ਦਈਏ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਚੰਗੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਵਿੱਚ ਮੁਹੱਲਾ ਕਲੀਨਕ ਖੋਲ੍ਹੇ ਜਾਣ ਦਾ ਐਲਾਨ ਕੀਤਾ ਸੀ। ਇਸ ਲਈ ਭਗਵੰਤ ਮਾਨ ਸਰਕਾਰ ਵੱਲੋਂ ਕਾਰਵਾਈ ਆਰੰਭ ਦਿੱਤੀ ਹੈ ਪਰ ਕਿਤੇ ਨਾ ਕਿਤੇ ਭਗਵੰਤ ਮਾਨ ਸਰਕਾਰ ਦੀ ਮੁਹੱਲਾ ਕਲੀਨਕ ਖੋਲ੍ਹਣ ਦੀ ਇਹ ਮੁਹਿੰਮ ਸਵਾਲਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ।


ਪੰਜਾਬ 'ਚ ਆਮ ਆਦਮੀ ਕਲੀਨਕ ਖੋਲ੍ਹਣ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਵਿੱਚ ਆਪਣਾ ਹੀ ਪ੍ਰਚਾਰ ਕਰ ਰਹੀ ਹੈ ਕਿ ਇਨ੍ਹਾਂ ਕਲੀਨਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਇਆ ਜਾਵੇਗਾ ਤੇ ਇਹ ਆਮ ਆਦਮੀ ਪਾਰਟੀ ਦਾ ਵੱਡਾ ਤੇ ਡਰੀਮ ਪ੍ਰਜੈਕਟ ਹੈ। ਆਮ ਆਦਮੀ ਪਾਰਟੀ ਵੱਲੋਂ ਕਿਤੇ ਇਹ ਨਹੀਂ ਦੱਸਿਆ ਜਾ ਰਿਹਾ ਕਿ ਇਸ ਪ੍ਰਜੈਕਟ ਵਿੱਚ ਖਰਚ ਹੋਣ ਵਾਲਾ ਪੈਸਾ ਕੇਂਦਰ ਸਰਕਾਰ ਦੀ ਨੈਸ਼ਨਲ ਹੈਲਥ ਮਿਸ਼ਨ ਤਹਿਤ ਖਰਚ ਹੋਵੇਗਾ ਤੇ ਇਸ ਪੈਸੇ ਦੀ ਅਦਾਇਗੀ ਕੇਂਦਰ ਵੱਲੋਂ ਕੀਤੀ ਜਾਵੇਗੀ।