ਗੁਰਦਾਸਪੁਰ: ਅਦਾਲਤ ਨੇ ਬਲਾਤਕਾਰ ਦੇ ਇਲਜ਼ਾਮ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਨੇਤਾ ਤੇ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦਾ 3 ਦਿਨਾਂ ਪੁਲਿਸ ਰਿਮਾਂਡ ਹੋਰ ਦੇ ਦਿੱਤਾ ਹੈ। ਪਹਿਲਾਂ ਲੰਗਾਹ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਜਿਸ ਵਿੱਚ ਬੀਤੇ ਕੱਲ੍ਹ 1 ਦਿਨ ਦਾ ਵਾਧਾ ਕਰ ਦਿੱਤਾ ਗਿਆ ਸੀ।
ਅੱਜ ਰਿਮਾਂਡ ਖ਼ਤਮ ਹੋਣ ਦੀ ਸੂਰਤ ਵਿੱਚ ਗੁਰਦਾਸਪੁਰ ਪੁਲਿਸ ਨੇ ਲੰਗਾਹ ਨੂੰ ਗੁਰਦਾਸਪੁਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਹਿਤ ਬਾਂਸਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਲੰਗਾਹ ਨੂੰ ਤੀਜੀ ਵਾਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਡੀ.ਐਸ.ਪੀ. ਗੁਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਦਾਲਤ ਤੋਂ ਤਫਤੀਸ਼ ਪੂਰੀ ਕਰਨ ਲਈ 7 ਦਿਨ ਦਾ ਰਿਮਾਂਡ ਹੋਰ ਮੰਗਿਆ ਸੀ ਪਰ ਅਦਾਲਤ ਨੇ 3 ਦਿਨ ਦੇ ਰਿਮਾਂਡ ਦੀ ਮਨਜ਼ੂਰੀ ਦਿੱਤੀ ਹੈ।
ਏ.ਬੀ.ਪੀ. ਸਾਂਝਾ ਦੇ ਪੱਤਰਕਾਰ ਨੇ ਸੁੱਚਾ ਸਿੰਘ ਲੰਗਾਹ ਨਾਲ ਜਦੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਸਿਰਫ ਇਹੋ ਜਵਾਬ ਦਿੱਤਾ ਕਿ ਉਹ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੀ ਬੋਲੇਗਾ।
ਦੱਸ ਦਈਏ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੁੱਚਾ ਸਿੰਘ ਲੰਗਾਹ 'ਤੇ ਗੁਰਦਾਸਪੁਰ ਦੀ ਹੀ ਮਹਿਲਾ ਪੁਲਿਸ ਸਿਪਾਹੀ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਹੋਏ ਹਨ। ਉਸ ਨੇ ਪੁਲਿਸ ਨੂੰ ਸਬੂਤ ਵਜੋਂ ਇੱਕ ਵੀਡੀਓ ਵੀ ਦਿੱਤੀ ਸੀ। ਇਸ ਤੋਂ ਬਾਅਦ ਲੰਗਾਹ ਦੇ ਨਾਂ ਤੋਂ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋਈ। ਇਸ ਤੋਂ ਬਾਅਦ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਸੁੱਚਾ ਸਿੰਘ ਲੰਗਾਹ ਨੂੰ ਆਪਣੇ ਵਿੱਚੋਂ ਬਾਹਰ ਕਰ ਦਿੱਤਾ ਸੀ।