ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ ਪਹੁੰਚੇ ਲੋਕ, ਸਕੂਲ ਦਾ ਨਾਂ ਸੂਬੇਦਾਰ ਕੌਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ
Sangrur News: ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
Sangrur News: ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪਿੰਡ ਖਨਾਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਵ. ਕੌਰ ਸਿੰਘ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੌਰ ਸਿੰਘ ਦੀ ਜੀਵਨੀ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਨ ਮੁੱਕੇਬਾਜ਼ ਦੀ ਦੇਣ ਨੂੰ ਸਿਜਦਾ ਕਰਦਿਆਂ ਪਿੰਡ ਖਨਾਲ ਖੁਰਦ ਦੇ ਸਰਕਾਰੀ ਸਕੂਲ ਦਾ ਨਾਮ ਸੂਬੇਦਾਰ ਕੌਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਖਨਾਲ ਖੁਰਦ ਜਿਹੇ ਛੋਟੇ ਜਿਹੇ ਪਿੰਡ ਵਿੱਚੋਂ ਉੱਠ ਕੇ ਕੌਰ ਸਿੰਘ ਨੇ ਮੁੱਕੇਬਾਜ਼ੀ ਵਿੱਚ ਆਪਣਾ ਲੋਹਾ ਮੰਨਵਾਇਆ ਅਤੇ ਬੇਹੱਦ ਸੀਮਤ ਸਾਧਨਾਂ ਦੇ ਬਾਵਜੂਦ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਸ਼ਾਨਦਾਰ ਜਿੱਤਾਂ ਦਰਜ ਕਰਕੇ ਪੂਰੀ ਦੁਨੀਆਂ ਵਿੱਚ ਨਾਮਣਾ ਖੱਟਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਦਮ ਸ਼੍ਰੀ ਕੌਰ ਸਿੰਘ ਦੀ ਇਸ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ: Cyclone Mocha: ਬੰਗਾਲ ਦੀ ਖਾੜੀ 'ਚ ਚਲਿਆ ਤੂਫਾਨ ਮੋਚਾ, ਆਂਧਰਾ ਪ੍ਰਦੇਸ਼ ਸਮੇਤ 3 ਸੂਬਿਆਂ 'ਚ ਅਲਰਟ, ਮਛੇਰਿਆਂ ਲਈ ਐਡਵਾਈਜ਼ਰੀ ਜਾਰੀ
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਲਾਹ ਨਾਲ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਯਾਦ ਵਿੱਚ ਯਾਦਗਾਰ ਦੀ ਉਸਾਰੀ ਕੀਤੀ ਜਾਵੇਗੀ ਤਾਂ ਜੋ ਬੱਚੇ ਤੇ ਨੌਜਵਾਨ ਪੀੜ੍ਹੀ ਇਸ ਮਹਾਨ ਮੁੱਕੇਬਾਜ਼ ਦੇ ਜੀਵਨ ਤੋਂ ਸੇਧ ਲੈ ਸਕਣ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੌਰ ਸਿੰਘ ਇੱਕ ਸੰਸਥਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਹੋਰਨਾਂ ਨੂੰ ਰਾਹ ਦਿਖਾਉਣ ਤੇ ਪ੍ਰੇਰਨਾ ਦੇਣ ਵਿੱਚ ਬਤੀਤ ਕੀਤਾ ਅਤੇ ਉਨ੍ਹਾਂ ਤੋਂ ਸੇਧ ਲੈ ਕੇ ਅੱਜ ਬਹੁ ਗਿਣਤੀ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ।
ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਸਰਕਾਰ ਦੀ ਤਰਫੋਂ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸ਼ੋਕ ਸੰਦੇਸ਼ ਭੇਜ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਏਆਈ ਜੀ ਗੁਰਮੀਤ ਸਿੰਘ, ਐਸਐਸਪੀ ਵਿਜੀਲੈਂਸ ਹਰਪਾਲ ਸਿੰਘ, ਰਿਟਾ: ਜੇ ਐਸ ਚੀਮਾ, ਕੈਪ: ਮਨਜੀਤ ਸਿੰਘ, ਪ੍ਰੇਮ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਇਹ ਵੀ ਪੜ੍ਹੋ: ਰਾਜਪਾਲ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ CM ਭਗਵੰਤ ਮਾਨ ਆਪਣੇ ਮੰਤਰੀ ਨੂੰ ਬਰਖ਼ਾਸਤ ਕਿਉਂ ਨਹੀਂ ਕਰ ਰਹੇ: ਮਜੀਠੀਆ