ਮੋਹਾਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਨੇ ਖਰੜ 'ਚ ਦਰਜ NDPS ਤੇ ਅਸਲਾ ਐਕਟ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਰਜ਼ੀ ਪਾਸਪੋਰਟ ਰਾਹੀਂ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। 

 

ਦੱਸਣਯੋਗ ਹੈ ਕਿ ਫਰਜ਼ੀ ਪਾਸਪੋਰਟ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ  ਦਾ 10 ਦਿਨ ਦਾ ਰਿਮਾਂਡ ਖਤਮ ਹੋ ਗਿਆ ਹੈ, ਜਿਸ ਕਾਰਨ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਉਸ ਨੂੰ ਅਦਾਲਤ 'ਚ ਲੈ ਕੇ ਆਈ ਅਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਮਾਂਡ ਦੀ ਮੰਗ ਕੀਤੀ। ਇਸ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ , ਉਸ ਦੇ ਭਰਾ ਅਤੇ 10 ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

 

ਓਧਰ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਲਿਖੀ ਚਿੱਠੀ ਵਿੱਚ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggo Bhagwanpuriya) ਦੀ ਪੇਸ਼ੀ ਦੌਰਾਨ ਗੈਂਗਵਾਰ ਦੀ ਸੰਭਾਵਨਾ ਹੈ।

ਪੰਜਾਬ ਦੇ ਡੀਜੀਪੀ ਨੂੰ ਕੇਂਦਰ ਵੱਲੋਂ ਪੱਤਰ ਮਿਲਣ ਅਤੇ ਬਬੀਹਾ ਗਰੁੱਪ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਲਾਰੈਂਸ  ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਨੂੰ ਜਿੱਥੇ ਰੱਖਿਆ ਗਿਆ ਹੈ, ਉੱਥੇ ਸੀ.ਆਈ.ਏ. ਦੇ ਨਾਲ-ਨਾਲ ਸੀ.ਆਈ.ਏ. ਸਟਾਫ਼ ਖਰੜ, ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਸੀ.ਆਈ.ਏ. ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ  ਗਈ ਹੈ। ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਗੈਂਗਵਾਰ  ਨੂੰ ਰੋਕਣ ਲਈ ਜਾਂ ਕੋਈ ਵੀ ਗਲਤ ਸ਼ਰਾਰਤੀ ਨੁਕਸਾਨ ਨਾ ਪਹੁੰਚਾ ਸਕੇ ਇਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। 

ਦੱਸ ਦਈਏ ਕਿ ਬੀਤੇ ਦਿਨੀਂ  ਦਵਿੰਦਰ ਬੰਬੀਹਾ ਗੈਂਗ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੇਤਾਵਨੀ ਜਾਰੀ ਕੀਤੀ ਸੀ। ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਸੀ, ਜਿਸ 'ਚ ਲਿਖਿਆ ਹੈ ਕਿ ਬੰਬੀਹਾ ਗੈਂਗ ਸਿੱਧੂਮੂਸੇ ਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲਵੇਗਾ। ਇਹ ਵੀ ਲਿਖਿਆ ਹੈ ਕਿ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਹਿੱਟ ਲਿਸਟ 'ਚ ਟਾਪ 'ਤੇ ਹੈ।