ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੋਣ ਦਾ ਸ਼ੱਕ ਜਤਾਇਆ ਹੈ। ਵਕੀਲ ਨੇ ਦਾਅਵਾ ਕੀਤਾ ਕਿ ਲਾਰੈਂਸ ਬਿਸ਼ਨੋਈ ‘ਤੇ ਜਾਨਲੇਵਾ ਹਮਲਾ ਹੋ ਸਕਦਾ ਹੈ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਅਜਿਹੇ ਇਨਪੁਟ ਮਿਲੇ ਹਨ ਕਿ 24 ਤਰੀਖ ਨੂੰ ਪੇਸ਼ੀ ਦੌਰਾਨ ਲਾਰੈਂਸ ‘ਤੇ ਹਮਲਾ ਹੋ ਸਕਦਾ ਹੈ। 


 

ਲਾਰੈਂਸ ਬਿਸ਼ਨੋਈ ਇਸ ਵੇਲੇ ਬਠਿੰਡਾ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਕੁੱਝ ਦਿਨ ਪਹਿਲਾਂ ਹੀ ਉਸਦੀ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੋਈ ਸੀ। ਇਸ ਸਬੰਧ ਵਿਚ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿਚ ਐਡਵੋਕੇਟ ਚੋਪੜਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ 12 ਦਿਨਾਂ ਦੇ ਬਠਿੰਡਾ ਪੁਲਿਸ ਰਿਮਾਂਡ 'ਤੇ ਹੈ ਅਤੇ 24 ਸਤੰਬਰ ਨੂੰ ਰਿਮਾਂਡ ਖਤਮ ਹੋਣ 'ਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

 

ਲਾਰੈਂਸ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਕਿ ਪੁਲਿਸ ਆਪਣੀਆਂ ਏਜੰਸੀਆਂ ਰਾਹੀਂ ਪੇਸ਼ੀ ਦੌਰਾਨ ਇਹ ਵਿਖਾਉਣ ਦੀ ਕੋਸ਼ਿਸ਼ ਕਰ ਸਕਦੀ ਹੈ ਕਿ ਲਾਰੈਂਸ ਬਿਸ਼ਨੋਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸਦਾ ਐਨਕਾਊਂਟਰ ਕੀਤਾ ਗਿਆ। ਇਸਦੇ ਨਾਲ ਹੀ ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਲਾਰੈਂਸ ਦੇ ਵਿਰੋਧੀ ਗੈਂਗ ਨੂੰ ਲਾਰੈਂਸ ‘ਤੇ ਹਮਲਾ ਦਾ ਵੀ ਮੌਕਾ ਦਿੱਤਾ ਜਾ ਸਕਦਾ ਹੈ। 

 

ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਗੈਂਗਸਟਰਾਂ ਵੱਲੋਂ ਇੱਕ-ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਬੀਤੇ 2 ਦਿਨਾਂ ਦਰਮਿਆਨ ਜਿਥੇ ਬੰਬੀਹਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਵੱਲੋਂ ਇੱਕ ਦੂਜੇ ਨੂੰ ਧਮਕੀਆਂ ਭਰੀਆਂ ਪੋਸਟਾਂ ਪਾਈਆਂ ਗਈਆਂ ਹਨ ਅਤੇ ਆਪਣੀ ਹਰ ਪੋਸਟ ਵਿੱਚ ਬਦਲਾ ਲੈਣ ਦੀ ਗੱਲ ਕਹੀ ਜਾ ਰਹੀ ਹੈ, ਉਥੇ ਰਾਜਸਥਾਨ ਵਿਖੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਬੰਬੀਹਾ ਗਰੁੱਪ ਵੱਲੋਂ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੈਂਗਸਟਰ ਸੰਪਤ ਨਹਿਰਾ ਵੱਲੋਂ ਵੀ ਧਮਕੀ ਭਰੀ ਪੋਸਟ ਪਾਈ ਗਈ।

 

ਦੱਸ ਦੇਈਏ ਕਿ ਨਵੰਬਰ 2021 'ਚ ਇਕ ਕਾਰੋਬਾਰੀ ਤੋਂ ਉਸ ਦੇ ਘਰ 'ਤੇ ਪੈਟਰੋਲ ਬੰਬ ਸੁੱਟ ਕੇ ਅਤੇ ਗੋਲੀਬਾਰੀ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਬਠਿੰਡਾ ਪੁਲੀਸ ਨੇ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕਰਕੇ ਖਰੜ ਤੋਂ 12 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਉਸ ਨੂੰ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ 12 ਸਤੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤਾਂ ਅਦਾਲਤ ਦੇ ਆਲੇ-ਦੁਆਲੇ ਪੁਲੀਸ ਦੀ ਭਾਰੀ ਸੁਰੱਖਿਆ ਸੀ।