Punjab News: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਮਾਮਲੇ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਮੰਗਲਵਾਰ ਰੂਪਨਗਰ ਦੀ ਸੀਆਈਏ ਟੀਮ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।


ਇਸ ਦੌਰਾਨ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਮੌਕੇ ਜੱਜ ਨੇ ਮੁਲਜ਼ਮ ਦੇ ਮੈਡੀਕਲ ਰਿਕਾਰਡ ਬਾਰੇ ਵੀ ਪੁੱਛਗਿੱਛ ਕੀਤੀ। ਰੋਪੜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਤਜਵੀਜ਼ ਰੱਖ ਕੇ ਮੁਲਜ਼ਮ ਦੇ ਹੱਕ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੁਫ਼ਤ ਕਾਨੂੰਨੀ ਸੇਵਾਵਾਂ ਤਹਿਤ ਆਏ ਵਕੀਲ ਨੇ ਵੀ ਮੁਲਜ਼ਮ ਦੀ ਪੈਰਵੀ ਕਰਨ ਤੋਂ ਇਨਕਾਰ ਕਰ ਦਿੱਤਾ।


ਦੱਸ ਦਈਏ ਕਿ ਜਸਬੀਰ ਸਿੰਘ ਜੱਸੀ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਹੇਠਲੇ ਹਿੱਸੇ ਵਿੱਚ ਪਾਠ ਕਰ ਰਹੇ ਦੋ ਪਾਠੀ ਸਿੰਘਾਂ ਦੀ ਕੁੱਟਮਾਰ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਬਦਸਲੂਕੀ ਕੀਤੀ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਤੇ ਪੁਲਿਸ ਹਵਾਲੇ ਕਰ ਦਿੱਤਾ। ਇਸ ਘਟਨਾ ਦੇ ਵਿਰੋਧ ਵਿੱਚ ਸਥਾਨਕ ਲੋਕਾਂ ਨੇ ਗੁਰਦੁਆਰੇ ਦੇ ਪ੍ਰਬੰਧਕਾਂ ਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ ਸੀ।


ਉਧਰ, ਅਖੰਡ ਕੀਰਤਨੀ ਜਥੇ ਦੀ 11 ਮੈਂਬਰੀ ਕਮੇਟੀ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਜਨਤਕ ਤੌਰ ’ਤੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਿੱਖ ਪੰਥ ਨੂੰ ਵੀ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਅਖੰਡ ਕੀਰਤਨੀ ਜਥੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਹੋਣ ਵਾਲੀ ਕਿਸੇ ਵੀ ਚੋਣ ਵਿੱਚ ਜਥੇਬੰਦੀ ਵੱਲੋਂ ਸਿਰਫ ਉਸ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਵੇਗੀ।


ਇਸੇ ਦੌਰਾਨ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਡਾ. ਇੰਦਰ ਬੀਰ ਸਿੰਘ ਨਿੱਝਰ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਮੁਆਫੀਯੋਗ ਨਹੀਂ ਹੈ। ਸੰਸਥਾ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਹੈ।


ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਕਿਉਂ ਲਾਇਆ ਐਨਐਸਏ? ਐਡਵਾਈਜ਼ਰੀ ਬੋਰਡ ਦੇ ਸਵਾਲ 'ਤੇ ਮਿਲਿਆ ਇਹ ਜਵਾਬ


ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਘਟਨਾ ਕਾਰਨ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਇਸ ਨੂੰ ਇੱਕ ਸੋਚੀ-ਸਮਝੀ ਸਾਜਿਸ਼ ਕਰਾਰ ਦਿੱਤਾ ਹੈ। ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।


ਇਹ ਵੀ ਪੜ੍ਹੋ: ਦੁਖਦਾਈ ਖਬਰ! ਗੋਲਡ ਮੈਡਲ ਜੇਤੂ ਨਿਸ਼ਾਨੇਬਾਜ਼ ਦੀ ਗੋਲੀ ਲੱਗਣ ਨਾਲ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾਦੁਖਦਾਈ ਖਬਰ! ਗੋਲਡ ਮੈਡਲ ਜੇਤੂ ਨਿਸ਼ਾਨੇਬਾਜ਼ ਦੀ ਗੋਲੀ ਲੱਗਣ ਨਾਲ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ