ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ ਸਿੱਖ ਗੁਰੂਆਂ ਨਾਲ ਜੁੜੇ ਇਤਿਹਾਸ ਨੂੰ ਤੋੜ-ਮਰੋੜ ਕੇ ਪੜ੍ਹਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਇਸ ਵਿਵਾਦ ਵਿੱਚ ਘਿਰਦੀ ਜਾ ਰਹੀ ਹੈ ਕਿਉਂਕੇ ਇੱਕ ਕਿਤਾਬ ਸ਼੍ਰੋਮਣੀ ਕਮੇਟੀ ਦੇ ਬੈਨਰ ਹੇਠ ਹੀ ਛਪੀ ਸੀ। ਉਂਝ ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਇਹ ਕਿਤਾਬ ਪਹਿਲਾਂ ਹੀ ਵਾਪਸ ਲੈ ਲਈ ਗਈ ਸੀ ਤੇ ਮਾਮਲੇ ਨੂੰ ਬੇਵਜ੍ਹਾ ਤੂਲ ਦਿੱਤੀ ਜਾ ਰਹੀ ਹੈ।



ਉਧਰ, ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਤੇ ਸਿੱਖ ਲੀਡਰ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਸਿੱਖ ਵਿਰੋਧੀ ਤਾਕਤਾਂ ਕਹਿਣ ਵਾਲੇ ਸ਼੍ਰੋਮਣੀ ਕਮੇਟੀ ਦੇ ਲੀਡਰਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਉਕਤ ਲੀਡਰ ਬਿਨਾਂ ਸੱਚ ਜਾਣੇ ਇਸ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਜਥੇਦਾਰ ਸਿਰਸਾ ’ਤੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਤੇ ਸਿੱਖ ਇਤਿਹਾਸ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇਣ ਦਾ ਦੋਸ਼ ਲਾਇਆ ਸੀ।

ਯਾਦ ਰਹੇ ਪੰਜਾਬ ਦੇ ਸਕੂਲਾਂ ਵਿੱਚ ਵਿਵਾਦਤ ਕਿਤਾਬਾਂ ਪੜ੍ਹਾਉਣ ਦੇ ਵਿਰੋਧ ਵਿੱਚ ਵਿੱਢਿਆ ਸੰਘਰਸ਼ ਲਗਾਤਾਰ ਜਾਰੀ ਹੈ। ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ 15 ਮਾਰਚ ਨੂੰ ਧਰਨੇ ਵਾਲੀ ਥਾਂ ’ਤੇ ਸਿੱਖਾਂ, ਪੰਥ ਹਿਤੈਸ਼ੀਆਂ, ਕਿਸਾਨਾਂ, ਬੁੱਧੀਜੀਵੀਆਂ ਤੇ ਹੋਰ ਸੰਗਠਨਾਂ ਦਾ ਸਾਂਝਾ ਇਕੱਠ ਸੱਦਿਆ ਗਿਆ ਹੈ।

ਵਿਵਾਦਤ ਕਿਤਾਬਾਂ ਪੜ੍ਹਾਉਣ ਦੇ ਵਿਰੋਧ ਵਿੱਚ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਧਰਨਾ ਲੱਗਿਆ ਹੋਇਆ ਹੈ। ਇਸ ਧਰਨੇ ਨੂੰ ਕਈ ਜਥੇਬੰਦੀਆਂ ਤੇ ਸੰਸਥਾਵਾਂ ਤੋਂ ਹਮਾਇਤ ਮਿਲ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਵਿਦੇਸ਼ਾਂ ਵਿੱਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਧਰ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਜਾਂਚ ਮਗਰੋਂ ਦੋਸ਼ੀਆਂ ਨੂੰ ਸਜ਼ਾ ਮਿਲੇਗੀ।