Punjab News: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਐਸਜੀਪੀਸੀ ਨੇ ਨਾਂਦੇੜ ਵਿੱਚ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।


ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, ਮੈਂ ਸਿੱਖ ਕੌਮ ਨੂੰ ਅਪੀਲ ਕਰਦਾ ਹਾਂ ਕਿ ਪੰਥ ਵਿਰੋਧੀ ਸ਼ਕਤੀਆਂ ਵਿਰੁੱਧ ਇੱਕਜੁੱਟ ਹੋਈਏ ਜੋ ਸਾਡੇ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਕੇ ਸਾਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮਹਾਰਾਸ਼ਟਰ ਸਰਕਾਰ ਨੇ ਜਿਸ ਤਰੀਕੇ ਨਾਲ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪੁਨਰਗਠਨ ਕਰਕੇ ਗੁਰਦੁਆਰੇ ਨੂੰ ਆਪਣੇ ਅਧੀਨ ਲਿਆਂਦਾ ਹੈ, ਉਹ ਨਿੰਦਣਯੋਗ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਿੱਖ ਕੌਮ ਅਜਿਹੀਆਂ ਹਰਕਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਗੁਰਦੁਆਰੇ ਨੂੰ ਸਰਕਾਰੀ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ।






ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜ ਛਾੜ ਕਰਕੇ ਆਪਣੇ ਗੁਰਧਾਮ 'ਤੇ ਕਬਜਾ ਕਰਨਾ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ। ਮੈਂ ਸਮੁੱਚੀ ਖਾਲਸਾ ਕੌਮ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ, ਆਓ ਇਕੱਠੇ ਹੋਕੇ ਇਹਨਾਂ ਪੰਥ ਵਿਰੋਧੀ ਤਾਕਤਾਂ ਦਾ ਟਾਕਰਾ ਕਰੀਏ ਅਤੇ ਆਪਣੇ ਗੁਰੂ ਘਰਾਂ ਨੂੰ ਆਜ਼ਾਦ ਕਰਵਾਈਏ।


ਕੀ ਹੈ ਪੂਰਾ ਮਾਮਲਾ


ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ।


ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਖੋਹ ਲਿਆ ਗਿਆ ਹੈ।