ਕਿਸਾਨ ਯੂਨੀਅਨ ਦੀ ਹਰਸਿਮਰਤ ਬਾਦਲ ਨੂੰ ਵੰਗਾਰ, 'ਜੇ ਕਿਸਾਨਾਂ ਦੇ ਹੱਕ 'ਚ ਖੜ੍ਹਨ ਵਾਲੇ ਲੀਡਰ ਤਾਂ ਬਿਜਲੀ ਬਿੱਲ ਵਿਰੁੱਧ ਲਵੋ ਸਖ਼ਤ ਸਟੈਂਡ'
ਕਿਸਾਨ ਯੂਨੀਅਨ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਸੰਸਦ ਵਿੱਚ ਇਸ ਬਿੱਲ ਦਾ ਵਿਰੋਧ ਕਰੇ। ਕਿਸਾਨ ਜਥੇਬੰਦੀ ਨੇ ਕਿਹਾ ਕਿ ਹਰਸਿਮਰਤ ਬਾਦਲ ਖ਼ੁਦ ਨੂੰ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲੀ ਆਗੂ ਦੱਸਦੇ ਹਨ।
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਬਿਜਲੀ ਸੋਧ ਬਿੱਲ ਦੇ ਵਿਰੋਧ ਲਈ ਸ਼੍ਰੋਮਣੀ ਅਕਾਲੀ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਨੂੰ ਵੰਗਾਰਿਆ ਹੈ। ਕਿਸਾਨ ਯੂਨੀਅਨ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਸੰਸਦ ਵਿੱਚ ਇਸ ਬਿੱਲ ਦਾ ਵਿਰੋਧ ਕਰੇ। ਕਿਸਾਨ ਜਥੇਬੰਦੀ ਨੇ ਕਿਹਾ ਕਿ ਹਰਸਿਮਰਤ ਬਾਦਲ ਖ਼ੁਦ ਨੂੰ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲੀ ਆਗੂ ਦੱਸਦੇ ਹਨ। ਇਸ ਤਹਿਤ ਉਨ੍ਹਾਂ ਨੂੰ ਇਸ ਬਿੱਲ ਦੇ ਵਿਰੋਧ ਵਿੱਚ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।
ਕਿਸਾਨ ਯੂਨੀਅਨ ਨੇ ਸੰਸਦ ਵਿੱਚ 8 ਅਗਸਤ ਨੂੰ ਪੇਸ਼ ਕੀਤੇ ਜਾ ਰਹੇ ਬਿਜਲੀ ਬਿੱਲ ਦਾ ਪੂਰਨ ਰੂਪ ਵਿੱਚ ਵਿਰੋਧ ਕੀਤਾ ਹੈ ਤੇ ਨਾਲ ਹੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਇਸ ਬਿੱਲ ਨੂੰ ਪੂਰਨ ਰੂਪ ’ਚ ਰੱਦ ਕਰਨ ਲਈ ਕਿਸਾਨਾਂ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ।
ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਪ੍ਰੈੱਸ ਸਕੱਤਰ ਇਕਬਾਲ ਸਿੰਘ ਮਾਨਸਾ ਤੇ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਮੰਗ ਕਰਦਿਆਂ ਕਿਹਾ ਕਿ ਸੰਸਦ ਵਿੱਚ ਪੇਸ਼ ਕੀਤੇ ਜਾਣ ਮੌਕੇ ਇਸ ਬਿਜਲੀ ਬਿੱਲ ਦਾ ਸਖ਼ਤ ਵਿਰੋਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਵਿੱਚ ਡਟੇ ਹੋਏ ਸੀ ਤਾਂ ਮੋਦੀ ਸਰਕਾਰ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਸੀ, ਜਿਸ ਵਿੱਚ ਬਿਜਲੀ ਬਿੱਲ ਨੂੰ ਸੰਸਦ ਵਿੱਚ ਨਾ ਪੇਸ਼ ਕਰਨ ਸਬੰਧੀ ਸਹਿਮਤੀ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਿਆ ਜਾਵੇਗਾ। ਪੰਜਾਬ ਵਿਚ ਪਹਿਲਾਂ ਬਿਜਲੀ ਬੋਰਡ ਨੂੰ ਤੋੜ ਕੇ ਕਾਰਪੋਰੇਸ਼ਨ ਬਣਾਇਆ ਗਿਆ ਹੈ। ਹੁਣ ਕਾਰਪੋਰੇਸ਼ਨ ਨੂੰ ਤੋੜ ਕੇ ਵੱਡੇ ਘਰਾਂ ਦੀ ਮਾਲਕੀਅਤ ਬਣਾਉਣ ਦੀ ਤਿਆਰੀ ਆਰੰਭੀ ਹੋਈ ਹੈ।