ਪੰਜਾਬ 'ਚ ਵੀ ਹੋਇਆ ਸ਼ਰਾਬ ਘੁਟਾਲਾ? ਆਬਕਾਰੀ ਨੀਤੀ ਦੀ ਈਡੀ ਤੋਂ ਹੋਏ ਜਾਂਚ, ਅੱਜ ਰਾਜਪਾਲ ਨੂੰ ਮਿਲਣਗੇ ਬਾਜਵਾ
ਸੋਮਵਾਰ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਸੀ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਭ੍ਰਿਸ਼ਟਾਚਾਰ’ ਦੇ ਮੁੱਦੇ ’ਤੇ ਖਹਿਬੜ ਪਏ।
Punjab News: ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਦਾ ਵਫ਼ਦ ਅੱਜ ਦੁਪਹਿਰੇ 12:30 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇਗਾ। ਪ੍ਰਤਾਪ ਬਾਜਵਾ ਨੇ ਦੱਸਿਆ ਕਿ ਉਹ ਰਾਜਪਾਲ ਤੋਂ ਪੰਜਾਬ ਦੀ ਆਬਕਾਰੀ ਨੀਤੀ ਦੀ ਈਡੀ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕਰਨਗੇ। ਬਾਜਵਾ ਰਾਜਪਾਲ ਕੋਲ ਹੋਰ ਵੀ ਕਈ ਮੁੱਦੇ ਉਠਾਉਣਗੇ।
ਬਾਜਵਾ ਨੇ ਕਿਹਾ ਕਿ ਰੇਤ ਮਾਫ਼ੀਏ ਦੇ ਪੁਰਾਣੇ ਬੰਦਿਆਂ ਨੂੰ ਕੰਮ ਦੇਣ, ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਤੇ ਦੋ ਸੰਸਦ ਮੈਂਬਰਾਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕਬਜ਼ੇ ਦੀ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਸਦਨ ਦੀ ਬੈਠਕ ਤੋਂ ਪਹਿਲਾਂ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਬਾਜਵਾ ਨੇ ਸਪੀਕਰ ਨੂੰ ਮਿਲ ਕੇ ਸਦਨ ’ਚੋਂ ਮੁੱਖ ਮੰਤਰੀ ਦੀ ਤਕਰੀਰ ਵਾਲਾ ਰਿਕਾਰਡ ਕਢਾਉਣ ਦੀ ਮੰਗ ਕੀਤੀ।
ਦੱਸ ਦਈਏ ਕਿ ਸੋਮਵਾਰ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਸੀ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਭ੍ਰਿਸ਼ਟਾਚਾਰ’ ਦੇ ਮੁੱਦੇ ’ਤੇ ਖਹਿਬੜ ਪਏ। ਦੋਵੇਂ ਆਗੂ ਪਹਿਲਾਂ ਮਿਹਣੋ-ਮਿਹਣੀ ਹੋਏ ਤੇ ਪਿੱਛੋਂ ਮਾਹੌਲ ਤਿੱਖੀ ਤਕਰਾਰ ਵਿੱਚ ਬਦਲ ਗਿਆ। ਦੋਵਾਂ ਨੇ ਇੱਕ ਦੂਜੇ ’ਤੇ ਜੰਮ ਕੇ ਹੱਲੇ ਬੋਲੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦਾ ਪੈਸਾ ਖਾਣ ਵਾਲਿਆਂ ਤੋਂ ਇੱਕ-ਇੱਕ ਪੈਸੇ ਦਾ ਹਿਸਾਬ ਲੈਣਗੇ। ਉਧਰ ਬਾਜਵਾ ਨੇ ਮੁੱਖ ਮੰਤਰੀ ’ਤੇ ਵਿਰੋਧੀ ਧਿਰ ਦੇ ਸਾਰੇ ਮੈਂਬਰਾਂ ਨੂੰ ਧਮਕਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ। ਉਨ੍ਹਾਂ ਸਪੀਕਰ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਲਈ ਸਦਨ ਵਿੱਚ ਮੁਆਫ਼ੀ ਮੰਗਣ। ਬਾਜਵਾ ਨੇ ਇੱਥੋਂ ਤੱਕ ਆਖ ਦਿੱਤਾ ਕਿ ਭਵਿੱਖ ’ਚ ਕਿਸੇ ਮੈਂਬਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।