ਜਲੰਧਰ : ਜਲੰਧਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲਈ 90032 ਯੋਗ ਲੋਕਾਂ ਵਲੋਂ ਆਪਣੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਲਏ ਗਏ ਹਨ ।
ਵੋਟਰ ਰਜਿਸਟਰੇਸ਼ਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਅਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਉਹ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਵੋਟਰ ਰਜਿਸਟਰੇਸ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦੀ ਨਿਗਰਾਨੀ ਕਰਨ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 90 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਕਰਵਾਈ ਗਈ ਹੈ।
ਜ਼ਿਲ੍ਹੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ 6 ਚੋਣ ਹਲਕੇ ਹਨ ਜਿਨਾਂ ਵਿੱਚ ਫਿਲੌਰ, ਨਕੋਦਰ, ਸ਼ਾਹਕੋਟ, ਆਦਮਪੁਰ, ਜਲੰਧਰ ਸ਼ਹਿਰ ਅਤੇ ਕਰਤਾਰਪੁਰ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਪਿੰਡਾਂ ਵਿੱਚ ਅਨਾਊਂਸਮੈਂਟਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਵੋਟਰ ਵਜੋਂ ਐਸ.ਜੀ.ਪੀ.ਸੀ. ਚੋਣਾਂ ਲਈ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਵਲੋਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਪਾਸੋਂ ਯੋਗ ਬਿਨੈਕਾਰਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ ਲਈ ਸਹਿਯੋਗ ਦੀ ਵੀ ਮੰਗ ਕੀਤੀ ਗਈ।