ਮੋਹਾਲੀ : ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਤਲਬ ਕੀਤਾ ਗਿਆ ਹੈ ਅਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਨੋਟਿਸ ਦਾ ਜਵਾਬ ਮੰਗਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਨੋਟਿਸ ਵਿੱਚ ਅਮਰਜੀਤ ਸਿੰਘ ਸਿੱਧੂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਅੰਮ੍ਰਿਤਪ੍ਰੀਤ ਕੋਆਪ੍ਰੇਟਿਵ ਆਈ/ ਸੀ ਸੋਸਾਇਟੀ ਲਿਮਟਿਡ ਕੰਪਨੀ ਦੇ ਮੈਂਬਰ ਹਨ।

 

ਇਸ ਤੋਂ ਇਲਾਵਾ ਉਹ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 42(4) ਅਨੁਸਾਰ ਨਗਰ ਨਿਗਮ ਐਸ.ਏ.ਐਸ. ਨਗਰ (ਮੋਹਾਲੀ) ਦੀ ਵਿੱਤ ਤੇ ਠੇਕਾ ਕਮੇਟੀ ਦੇ ਚੇਅਰਮੈਨ ਵੀ ਹਨ। ਖ਼ੁਦ ਠੇਕਾ ਕਮੇਟੀ ਦੇ ਚੇਅਰਮੈਨ ਹੁੰਦਿਆਂ ਮੇਅਰ ਵੱਲੋਂ ਆਪਣੀ ਮੈਂਬਰਸ਼ਿਪ ਵਾਲੀ ਕੰਪਨੀ ਨੂੰ ਹੀ ਨਗਰ ਨਿਗਮ ਐਸ.ਏ.ਐਸ. ਨਗਰ ਵਿਖੇ ਵਿਕਾਸ ਕੰਮਾਂ ਦੇ ਟੈਂਡਰ ਦਿੱਤੇ ਗਏ ਹਨ।


ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਕਾਸ ਕੰਮਾਂ ਦੇ ਟੈਂਡਰ ਦੇਣ ਸਬੰਧੀ ਕੀਤੀ ਗਈ ਕਾਰਵਾਈ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਹੈ। ਇਸ ਐਕਟ ਤਹਿਤ ਉਨ੍ਹਾਂ ਨੂੰ ਕੌਂਸਲਰ ਦੇ ਅਹੁਦੇ ਤੋਂ ਹਟਾਉਣ ਦਾ ਵੀ ਉਪਬੰਧ ਹੈ। ਵਿਭਾਗ ਵੱਲੋਂ ਮੇਅਰ ਕੋਲੋਂ 15 ਦਿਨਾ ਦੇ ਅੰਦਰ-ਅੰਦਰ ਦੋ ਪੜਤਾਂ  ਵਿੱਚ ਜਵਾਬ/ਸਪੱਸ਼ਟੀਕਰਨ ਮੰਗਿਆ ਗਿਆ ਹੈ ਤਾਂ ਕਿ ਤਜਵੀਜ਼ਤ ਕਾਰਵਾਈ ਕਰਨ ਤੋਂ ਪਹਿਲਾਂ ਮੇਅਰ ਵੱਲੋਂ ਭੇਜੇ ਗਏ ਜਵਾਬ ਉਤੇ ਵਿਚਾਰ ਕੀਤਾ ਜਾ ਸਕੇ।

ਦੱਸਣਯੋਗ ਹੈ ਕਿ ਨਗਰ ਨਿਗਮ ਮੋਹਾਲੀ ਦੇ ਕਈ ਕੌਂਸਲਰਾਂ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਟਰੀ ਨੂੰ ਅਮਰਜੀਤ ਸਿੰਘ ਸਿੱਧੂ ਦੇ ਖਿਲਾਫ਼ ਉਕਤ ਮੁੱਦੇ ਸਬੰਧੀ ਲਿਖਤੀ ਸ਼ਿਕਾਇਤ ਭੇਜੀ ਗਈ ਸੀ। ਇਸ ਸੰਬੰਧੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਅਜੇ ਨੋਟਿਸ ਦੀ ਕਾਪੀ ਨਹੀਂ ਮਿਲੀ ਹੈ ਅਤੇ ਕਾਪੀ ਮਿਲਣ ਤੋਂ ਬਾਅਦ ਉਹ ਇਸਦਾ ਜਵਾਬ ਦੇਣਗੇ ਅਤੇ ਜੇਕਰ ਲੋੜ ਪਈ ਤਾਂ ਉਹ ਸਰਕਾਰ ਦੇ ਖਿਲਾਫ ਅਦਾਲਤ ਵਿੱਚ ਜਾਣਗੇ।


ਪੰਜਾਬ ਵਿੱਚ ਭਾਜਪਾ ਦੇ ਇਕਲੌਤੇ ਮੇਅਰ ਜੀਤੀ ਸਿੱਧੂ

 ਮੋਹਾਲੀ ਨਗਰ ਨਿਗਮ ਦੇ ਮੇਅਰ ਜੀਤੀ ਸਿੱਧੂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਵਿੱਚ ਇਕਲੌਤੇ ਮੇਅਰ ਹਨ। ਆਪਣੇ ਵੱਡੇ ਭਰਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਕਾਂਗਰਸ ਵਿੱਚ ਸਨ।
 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।