ਲੁਧਿਆਣਾ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਉੱਪਰ ਚੱਲ ਰਹੇ ਧਰਨਿਆਂ ਵਿੱਚ ਲੋਕਾਂ ਦੀ ਗਿਣਤੀ ਘਟੀ ਹੈ ਕਿਉਂਕਿ ਕਿਸਾਨ ਫਸਲਾਂ ਸਾਂਭਣ ਲਈ ਪਿੰਡਾਂ ਨੂੰ ਪਰਤੇ ਹਨ। ਅਜਿਹੇ ਵਿੱਚ ਅੰਦੋਲਨ ਨੂੰ ਭਖਾਈ ਰੱਖਣ ਲਈ ਲੋਕ ਇਨਸਾਫ਼ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਜਿੰਨਾ ਚਿਰ ਕਿਸਾਨ ਫਸਲਾਂ ਸੰਭਾਲ ਰਹੇ ਹਨ, ਓਨਾ ਚਿਰ ਉਨ੍ਹਾਂ ਦੇ ਪਾਰਟੀ ਵਰਕਰ ਮੋਰਚਾ ਸੰਭਾਲਣਗੇ।


ਇਸ ਬਾਰੇ ਫੈਸਲਾ ਵੀਰਵਾਰ ਨੂੰ ਹੋਈ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬਾਰੇ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਾਢੀ ਦੇ ਸੀਜ਼ਨ ਦੌਰਾਨ ਕਈ ਕਿਸਾਨ ਆਪਣੇ ਪਿੰਡਾਂ ਨੂੰ ਮੁੜ ਆਏ ਹਨ। ਇਸ ਕਾਰਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਪਹਿਲਾਂ ਨਾਲੋਂ ਥੋੜ੍ਹਾ ਮੱਠਾ ਪੈ ਗਿਆ ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ।


ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨੀ ਝੰਡੇ ਹੇਠ ਜ਼ਿਲ੍ਹਾ ਪੱਧਰ ’ਤੇ ਆਪਣੇ ਨਾਲ ਵੱਡੇ ਜਥੇ ਲੈ ਕੇ ਦਿੱਲੀ ਦੀਆਂ ਹੱਦਾਂ ’ਤੇ ਜਾਣਗੇ। ਇਹ ਸਿਲਸਿਲਾ ਕਿਸਾਨਾਂ ਦੇ ਵਾਢੀ ਤੋਂ ਵਿਹਲੇ ਹੋਣ ਤਕ ਨਿਰੰਤਰ ਜਾਰੀ ਰਹੇਗਾ।


ਬੈਂਸ ਨੇ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੰਜਾਬ ਦੀ ਹੋਂਦ ਦੀ ਲੜਾਈ ਹੈ ਤੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਅਸਰ ਆਮ ਲੋਕਾਂ ’ਤੇ ਵੀ ਪੈਣਾ ਹੈ, ਇਸ ਲਈ ਕਿਸਾਨ ਅੰਦੋਲਨ ਵਿੱਚ ਜਾਣਾ ਧਾਰਮਿਕ ਯਾਤਰਾ ’ਤੇ ਜਾਣ ਦੇ ਬਰਾਬਰ ਹੈ। ਇਸ ਲਈ ਸਾਰਿਆਂ ਨੂੰ ਉੱਥੇ ਜਾ ਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।