Hoshiarpur News: ਲੋਕ ਸਭਾ ਚੋਣਾਂ 2024 ਦਾ ਪਹਿਲਾ ਪੜਾਅ ਸ਼ੁਰੂ ਹੋਣ 'ਚ ਹੁਣ ਕੁਝ ਹੀ ਦਿਨ ਬਾਕੀ ਹਨ। ਜਿਸ ਕਰਕੇ ਚੋਣਾਂ ਨੂੰ ਲੈ ਕੇ ਜ਼ੋਰਾਂ ਸ਼ੋਰਾਂ ਦੇ ਨਾਲ ਤਿਆਰੀਆਂ ਚੱਲ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਸਵੀਪ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਇਸ ਵਾਰ 70 ਫੀਸਦੀ ਤੋਂ ਵੱਧ ਵੋਟਿੰਗ ਦਾ ਟੀਚਾ ਹਾਸਲ ਕਰਨਾ ਹੈ। ਇਸੇ ਲੜੀ ਤਹਿਤ ਹੁਸ਼ਿਆਰਪੁਰ ਦੇ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਰੇਲਵੇ ਸਟੇਸ਼ਨ 'ਤੇ ਡੱਫਲੀ ਵਜਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ।


ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ


 ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਹੁਸ਼ਿਆਰਪੁਰ ਤੋਂ ਜਲੰਧਰ ਜਾਣ ਵਾਲੀ ਡੀਐਮਯੂ ਰੇਲਗੱਡੀ, ਰੇਲਵੇ ਸਟੇਸ਼ਨ ਦੇ ਰਿਜ਼ਰਵੇਸ਼ਨ ਕਾਊਂਟਰ ਅਤੇ ਪਲੇਟਫਾਰਮ ’ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ 100 ਫੀਸਦੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਹਾਇਕ ਨੋਡਲ ਅਫਸਰ ਮੀਡੀਆ ਅਤੇ ਸੰਚਾਰ ਰਜਨੀਸ਼ ਗੁਲਿਆਨੀ ਅਤੇ ਨੀਰਜ ਧੀਮਾਨ ਨੇ ਯਾਤਰੀਆਂ ਨੂੰ ਵੋਟ ਪਾਉਣ ਲਈ ਕਿਹਾ ਅਤੇ ਨਾਅਰਿਆਂ ਵਾਲੇ ਪੋਸਟਰ ਅਤੇ ਪਲੇਕਾਰਡ ਲੈ ਕੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ।



ਵੋਟ ਪਾਉਣ ਲਈ ਕੀਤਾ ਜਾਗਰੂਕ


ਕੋਹਲੀ ਨੇ ਕਿਹਾ ਕਿ ਵੋਟਿੰਗ ਸਾਡੇ ਸਾਰਿਆਂ ਦਾ ਅਧਿਕਾਰ ਹੈ, ਇਸ ਲਈ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਕਿਸੇ ਦੇ ਭਰਮ ਵਿੱਚ ਨਾ ਆਉਣ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇ। ਕੋਹਲੀ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਰੇਲ ਯਾਤਰੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਤਾਂ ਜੋ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਦੌਰਾਨ EVM ਅਤੇ VVPAT ਮਸ਼ੀਨ ਦਾ ਡੈਮੋ ਵੀ ਦਿਖਾਇਆ ਗਿਆ।


ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ 100 ਫੀਸਦੀ ਵੋਟਿੰਗ ਲਈ ਵਚਨਬੱਧ ਹੈ, ਇਸ ਲਈ ਲੋਕਾਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਲਈ ਪੋਸਟਰ, ਬੈਨਰ ਅਤੇ ਸਲੋਗਨ ਅਤੇ ਗੱਲਬਾਤ ਸਮੇਤ ਵੱਖ-ਵੱਖ ਸੰਚਾਰ ਮਾਧਿਅਮਾਂ ਰਾਹੀਂ ਦੇਸ਼ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਵੋਟਰਾਂ ਨੂੰ ਯਕੀਨ ਨਾਲ ਵੋਟ ਪਾਉਣ ਦੀ ਅਪੀਲ ਕੀਤੀ।