Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੱਚਿਆਂ ਤੋਂ ਨਾਅਰੇਬਾਜ਼ੀ ਕਰਵਾਉਣੀ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਖਿਲਾਫ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਦੱਸ ਦਈਏ ਕਿ ਸੁਖਬੀਰ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਵਾਏ ਗਏ ਸੀ। ਇਸ ਬਾਰੇ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦਰਅਸਲ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਰਾਏਕੋਟ 'ਚ ਟਰੈਕਟਰ 'ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਦਿਓ ਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਪੋਸਟ ਕੀਤੀ ਸੀ। ਇਸ ਮਗਰੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ। ਜਾਂਚ ਤੋਂ ਬਾਅਦ ਸੁਖਬੀਰ ਬਾਦਲ ਖਿਲਾਫ ਕਾਰਵਾਈ ਹੋ ਸਕਦੀ ਹੈ।
ਹਾਸਲ ਜਾਣਕਾਰੀ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਲਿਖਿਆ ਸੀ ਕਿ ਅਕਾਲੀ ਦਲ ਵੱਲੋਂ ਜਗਰਾਉਂ-ਰਾਏਕੋਟ ਇਲਾਕੇ ਵਿੱਚ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਨੂੰ ਸਿਆਸਤ ਨਾਲ ਜੋੜ ਕੇ ਸਿੱਧੇ ਤੌਰ ’ਤੇ ਪ੍ਰਚਾਰ ਕੀਤਾ ਗਿਆ ਹੈ। ਜਦੋਂਕਿ ਬੱਚਿਆਂ ਤੋਂ ਇਸ ਤਰ੍ਹਾਂ ਪ੍ਰਚਾਰ ਕਰਵਾਉਣਾ ਚੋਣ ਕਮਿਸ਼ਨ ਦੇ ਨਿਯਮ ਦੇ ਉਲਟ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।