Punjab Lok Sabha Election Schedule: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ। ਦੱਸ ਦਈਏ ਕਿ ਪੰਜਾਬ ਵਿੱਚ ਕੁਲ 13 ਲੋਕ ਸਭਾ ਸੀਟਾਂ ਹਨ। ਇਸ ਦੇ ਨਾਲ ਹੀ ਕਮਿਸ਼ਨ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖ ਰਿਹਾ ਹੈ। ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਵੀ ਤਾਇਨਾਤ ਰਹਿਣਗੇ। ਚੋਣ ਕਮਿਸ਼ਨ ਦੀ ਟੀਮ ਸੂਬੇ ਦੇ ਸਾਰੇ ਪੋਲਿੰਗ ਕੇਂਦਰਾਂ 'ਤੇ ਪ੍ਰਸ਼ਾਸਨ ਰਾਹੀਂ ਸਖ਼ਤ ਨਜ਼ਰ ਰੱਖੇਗੀ।
ਪੰਜਾਬ ਵਿੱਚ ‘ਆਪ’ ਦੇ ਉਮੀਦਵਾਰ
ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਤਰਜ਼ 'ਤੇ ਜ਼ਿਆਦਾਤਰ ਸੀਟਾਂ 'ਤੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਸੂਬਾ ਸਰਕਾਰ ਦੇ ਮੌਜੂਦਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆ 'ਤੇ ਭਰੋਸਾ ਜਤਾਇਆ ਹੈ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਟਿਕਟ ਦਿੱਤੀ ਗਈ ਹੈ। ਬਲਬੀਰ ਸਿੰਘ ਪਟਿਆਲਾ ਸੀਟ ਤੋਂ ਚੋਣ ਲੜ ਰਹੇ ਹਨ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ 'ਤੇ ਭਰੋਸਾ ਪ੍ਰਗਟਾਇਆ ਗਿਆ ਹੈ।
ਇਹ ਵੀ ਪੜ੍ਹੋ: Lok Sabha Election 2024 Date: 97 ਕਰੋੜ ਵੋਟਰ, 55 ਲੱਖ EVM… ਚੋਣ ਕਮਿਸ਼ਨ ਨੇ ਦੱਸਿਆ ਇਸ ਬਾਰੇ ਕਿਵੇਂ ਹੋਣਗੀਆਂ ਚੋਣਾਂ?
ਪੰਜਾਬ ਵਿੱਚ ਕਿਹੜੀਆਂ-ਕਿਹੜੀਆਂ ਪਾਰਟੀਆਂ ਲੜ ਰਹੀਆਂ ਚੋਣਾਂ?
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਸੀ ਸਹਿਮਤੀ ਨਾਲ ਪੰਜਾਬ ਲੋਕ ਸਭਾ ਚੋਣਾਂ ਵੱਖਰੇ ਤੌਰ 'ਤੇ ਲੜ ਰਹੀਆਂ ਹਨ।
ਜਦਕਿ ਦਿੱਲੀ, ਗੁਜਰਾਤ ਸਮੇਤ ਕੁਝ ਹੋਰ ਰਾਜਾਂ ਵਿੱਚ ਦੋਵੇਂ ਇਕੱਠੇ ਚੋਣ ਲੜ ਰਹੇ ਹਨ। ਇਸ ਵਾਰ ਪੰਜਾਬ 'ਚ ਚਾਰ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲਾ ਹੋ ਸਕਦਾ ਹੈ। ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਮੁੱਖ ਤੌਰ 'ਤੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨਾਲ ਮੁਕਾਬਲਾ ਹੈ। ਜੇਕਰ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਤਹਿਤ ਚੋਣ ਲੜਦੇ ਹਨ ਤਾਂ ਨਤੀਜੇ ਪ੍ਰਭਾਵਿਤ ਹੋ ਸਕਦੇ ਹਨ।
2019 ਵਿੱਚ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ
ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤੀ ਸੀ। ਭਗਵੰਤ ਮਾਨ ਸੰਗਰੂਰ ਤੋਂ ਜਿੱਤੇ ਸਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰੀ ਛੱਡ ਦਿੱਤੀ ਸੀ।
ਬਾਅਦ 'ਚ ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਨੇ 8 ਸੀਟਾਂ ਜਿੱਤੀਆਂ ਸਨ, ਜਦੋਂ ਕਿ ਐਨਡੀਏ ਨੇ 4 ਸੀਟਾਂ ਜਿੱਤੀਆਂ ਸਨ।