Lok Sabha Election: ਕਿਸਾਨ ਜਥੇਬੰਦੀਆਂ ਤੇ ਬੀਜੇਪੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਬੀਜੇਪੀ ਲੀਡਰ ਤੇ ਕਿਸਾਨ ਲੀਡਰ ਇੱਕ-ਦੂਜੇ ਨੂੰ ਸ਼ਰੇਆਮ ਵੰਗਾਰਨ ਲੱਗੇ ਹਨ। ਕਿਸਾਨ ਜਥੇਬੰਦੀ ਦੇ ਆਗੂ ਵੱਲੋਂ ਗਲ ਵਿੱਚ ਹੱਥ ਪਾਉਣ ਦੀ ਵੀਡੀਓ ਜਾਰੀ ਕਰਨ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਭੱਜਦਿਆਂ ਨੂੰ ਵਾਹਣ ਇੱਕੋ ਜਿਹੇ ਹੁੰਦੇ ਹਨ।
ਦੱਸ ਦਈਏ ਕਿ ਸੁਨੀਲ ਜਾਖੜ ਮੋਗਾ ਵਿੱਚ ਸੋਮਵਾਰ ਨੂੰ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਵੱਲੋਂ ਫ਼ਰੀਦਕੋਟ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ ਵਿੱਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀ ਦੇ ਆਗੂ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਦਿੱਲੀ ਬਾਰਡਰਾਂ ਲਈ ਟਰੈਕਟਰਾਂ ’ਤੇ ਗਏ ਸਨ ਪਰ ਮਹਿੰਗੀਆਂ ਗੱਡੀਆਂ ਵਿੱਚ ਘਰ ਪਰਤੇ ਸਨ।
ਉਨ੍ਹਾਂ ਨੇ ਲੁਧਿਆਣਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕਰਕੇ ਪੀੜਤ ਪਰਿਵਾਰ ਨੂੰ ਸਮਝੌਤੇ ਦੀ 6.50 ਕਰੋੜ ਰਕਮ ਦੇਣ ਦੇ ਮੁੱਦੇ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਇਸ ਵਿੱਚੋਂ 4.50 ਕਰੋੜ ਦਾ ਚੈਕ ਪੀੜਤ ਪਰਿਵਾਰ ਨੂੰ ਮਿਲਿਆ ਬਾਕੀ ਰਕਮ ਬਾਰੇ ਕਿਸਾਨ ਜਥੇਬੰਦੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।
ਕਿਸਾਨ ਅੰਦਲੋਨ ਬਾਰੇ ਉਨ੍ਹਾਂ ਇਹ ਵੀ ਕਿਹਾ ਕਿ ਰੇਲ ਲਾਈਨਾਂ ਜਾਮ ਕਰਨ ਤੇ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਸੂਬੇ ਵਿੱਚ ਭਾਜਪਾ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਉੱਤੇ ਆਖਿਆ ਕਿ ਲੋਕਤੰਤਰ ਵਿੱਚ ਸਭ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਸਨ ਤਾਂ ਜੋ ਉਹ ਜਿੱਤਣ ਮਗਰੋਂ ਆਪਣੀਆਂ ਸਮੱਸਿਆਵਾਂ ਸੰਸਦ ਜਾਂ ਵਿਧਾਨ ਸਭਾ ਵਿੱਚ ਰੱਖ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।