ਬਠਿੰਡਾ: ਲੋਕ ਸਭਾ ਚੋਣਾਂ ਦੀ ਵੋਟਿੰਗ ਦੌਰਾਨ ਅੱਜ ਤਲਵੰਡੀ ਸਾਬੋ ਵਿੱਚ ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕਾਂਗਰਸੀਆਂ ਵੱਲੋਂ ਗੋਲ਼ੀਆਂ ਵੀ ਚਲਾਈਆਂ ਗਈਆਂ ਜਿਸ ਵਿੱਚ ਇੱਕ ਸ਼ਖ਼ਸ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਕਾਂਗਰਸੀ ਲੀਡਰ 'ਤੇ ਪਰਚਾ ਦਰਜ ਕਰ ਦਿੱਤਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਸਥਾਨਕ ਅਕਾਲੀ ਦਲ ਦੇ ਲੀਡਰ ਜੀਤਮਹਿੰਦਰ ਸਿੰਘ ਨੇ ਕਿਹਾ ਕਿ ਕਾਂਗਰਸੀ ਲੀਡਰ ਖ਼ੁਸ਼ਬਾਦ ਸਿੰਘ ਜਟਾਣਾ ਨੇ ਅਕਾਲੀ ਦਲ ਦੇ ਵਰਕਰਾਂ 'ਤੇ ਗੋਲੀ ਚਲਾਈ ਤੇ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ।

ਬਠਿੰਡਾ ਦੇ ਆਈਜੀ ਐਮਐਸ ਫਾਰੂਕੀ ਨੇ ਦੱਸਿਆ ਕਿ ਮਾਮਲੇ ਵਿੱਚ ਕਾਂਗਰਸੀ ਲੀਡਰ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਆਈਜੀ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।