Lok Sabha Elections: ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਲਗਾਤਾਰ ਵੱਧਦਾ ਜਾ ਰਿਹਾ ਹੈ। ਭਾਜਪਾ ਕਿਸੇ ਵੀ ਸੂਬੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਭਾਰਤੀ ਜਨਤਾ ਪਾਰਟੀ (ਭਾਜਪਾ) ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2 ਰੈਲੀਆਂ ਕਰਨ ਜਾ ਰਹੇ ਹਨ। ਪਹਿਲੀ ਰੈਲੀ ਪੰਜਾਬ ਦੇ ਗੁਰਦਾਸਪੁਰ 'ਚ ਅਤੇ ਦੂਜੀ ਰੈਲੀ ਹਰਿਆਣਾ ਦੇ ਸਿਰਸਾ 'ਚ ਹੋਣ ਜਾ ਰਹੀ ਹੈ।


ਇਨ੍ਹਾਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਭਾਜਪਾ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਇਸ ਰੈਲੀ ਵਿੱਚ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਈ ਹੋਰ ਜ਼ਿਲ੍ਹਿਆਂ ਦੀ ਪੁਲਿਸ ਫੋਰਸ ਇੱਥੇ ਬੁਲਾਈ ਗਈ ਹੈ। ਪੁਲਿਸ ਮੁਲਾਜ਼ਮਾਂ ਨੂੰ ਹਰ ਮੋੜ 'ਤੇ ਖੜ੍ਹਾ ਕੀਤਾ ਗਿਆ ਹੈ। ਇੱਥੇ ਬੰਬ ਨਿਰੋਧਕ ਦਸਤੇ ਤੋਂ ਲੈ ਕੇ ਡਾਗ ਸਕੁਐਡ ਤੱਕ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।


ਹਿਰਾਸਤ ਵਿੱਚ ਕੌਮੀ ਇਨਸਾਫ਼ ਮੋਰਚਾ ਦਾ ਆਗੂ 


ਜ਼ਿਕਰ ਕਰ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ 'ਚ ਹੋਣ ਵਾਲੀ ਰੈਲੀ ਲਈ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਸਮੇਤ ਕਈ ਕਾਰਕੁਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਦੱਸ ਦਈਏ ਕਿ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ 'ਤੇ ਕੌਮੀ ਇਨਸਾਫ ਮੋਰਚਾ ਨੇ ਸ਼ਾਹ ਦੀ ਰੈਲੀ 'ਚ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਸਬੰਧੀ ਪੋਸਟਰ ਵੀ ਵੰਡੇ ਗਏ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਕੌਮੀ ਇਨਸਾਫ ਮੋਰਚਾ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।


ਹੋਰ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਣਗੇ


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਦੌਰਾਨ ਕਈ ਹੋਰ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਸ਼ਹਿਰ ਵਿੱਚ ਚਰਚਾ ਜ਼ੋਰਾਂ ’ਤੇ ਹੈ। ਇਸ ਨਾਲ ਸਿਆਸੀ ਸਮੀਕਰਨ ਪ੍ਰਭਾਵਿਤ ਹੋਣ ਜਾ ਰਹੇ ਹਨ।