ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬਦਲਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਹਾਲਾਂਕਿ, ਲੌਂਗੋਵਾਲ ਨੇ ਮੰਨਿਆ ਕਿ ਰਾਮ ਰਹੀਮ ਨੂੰ ਮੁਆਫ਼ੀ ਨਹੀਂ ਸੀ ਦੇਣੀ ਚਾਹੀਦੀ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਪੱਸ਼ਟ ਕੀਤਾ ਹਾਲੇ ਜਥੇਦਾਰ ਨੂੰ ਬਦਲਣ ਦਾ ਕੋਈ ਇਰਾਦਾ ਨਹੀਂ। ਪਿਛਲੇ ਸਮੇਂ ਤੋਂ ਬਾਕੀ ਤਖ਼ਤਾਂ ਦੇ ਜਥੇਦਾਰਾਂ ਨੇ ਗਿਆਨੀ ਗੁਰਬਚਨ ਸਿੰਘ ਨਾਲ ਤਾਲਮੇਲ ਘਟਾਉਣ ਦੀਆਂ ਖ਼ਬਰਾਂ ਆ ਰਹੀਆਂ ਸਨ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਇਸ ਗੱਲ ਦਾ ਖੰਡਨ ਕੀਤਾ ਸੀ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਦਿੱਤਾ ਸੀ। ਲੌਂਗੋਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਇਸ ਇਤਿਹਾਸਕ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਆਪਣੀਆਂ ਤਿਆਰੀਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਨਹੀਂ ਸੀ ਕੀਤਾ। ਹਾਲਾਂਕਿ, ਪਿਛਲੇ ਮਹੀਨੇ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਨ੍ਹਾਂ ਐਸਜੀਪੀਸੀ ਨੂੰ ਸੱਦਾ ਦਿੱਤਾ ਹੈ ਪਰ ਉਨ੍ਹਾਂ ਨੇ ਆਪਣਾ ਕੋਈ ਨੁਮਾਇੰਦਾ ਨਹੀਂ ਭੇਜਿਆ। ਲੌਂਗੋਵਾਲ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਵਿੱਚ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ, ਸ਼ਤਾਬਦੀ ਸਮਾਗਮਾਂ ਮੌਕੇ ਉਨ੍ਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਵੀ ਬੁਲਾਇਆ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸ਼ਹਿਰ ਐਲਾਨਿਆ ਜਾਵੇ। ਕਮੇਟੀ ਪ੍ਰਧਾਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ 'ਤੇ ਸਿਰਫ਼ ਸਿਆਸਤ ਹੋ ਰਹੀ ਹੈ ਜਦਕਿ ਸਾਡੀ ਤਾਂ ਲੰਮੇ ਸਮੇਂ ਤੋਂ ਮੰਗ ਰਹੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ। ਦੇਖੋ ਵੀਡੀਓ-