ਅੰਮ੍ਰਿਤਸਰ: ਹਰਿਆਣਾ ਦੇ ਹਿਸਾਰ ਵਿਖੇ ਸਿੱਖ ਪਰਿਵਾਰ ਅਤੇ ਰਾਜਸਥਾਨ ’ਚ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਕਸਬੇ ’ਚ ਇੱਕ ਸਿੱਖ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਵਾਰ-ਵਾਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਸਰਕਾਰਾਂ ਅਜਿਹੀਆਂ ਘਟਨਾਵਾਂ ਰੋਕਣ ਲਈ ਢੁੱਕਵੇਂ ਕਦਮ ਨਹੀਂ ਚੁੱਕ ਰਹੀਆਂ, ਜਿਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੌਸਲੇ ਹੋਰ ਵੱਧ ਰਹੇ ਹਨ।
ਇਸ ਤੋਂ ਇਲਾਵਾ ਬੀਤੇ ਦਿਨੀਂ ਜੰਮੂ ਕਸ਼ਮੀਰ ਵਿੱਚ ਵੀ ਸਿੱਖ ਬੱਚੀਆਂ ਨਾਲ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਿੱਖਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਆਪਣੇ ਹੀ ਦੇਸ਼ ’ਚ ਬਗਾਨਿਆਂ ਅਤੇ ਦੂਜੇ ਦਰਜੇ ਦੇ ਵਾਸੀਆਂ ਵਾਲੇ ਵਤੀਰੇ ਨੂੰ ਬਰਦਾਸ਼ਤ ਕਰਨਾ ਮੁਸ਼ਕਲ ਹੈ।
ਲੌਂਗੋਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖੇ ਹਨ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਮੰਗੀ ਗਈ ਹੈ।