ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਭੂ-ਮਾਫੀਆ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਕੀਮਤੀ ਸਰੋਤਾਂ ਅਤੇ ਜਾਇਦਾਦਾਂ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।  ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਮਾਫੀਆ ਰਾਜ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।  ਇਸ ਦੌਰਾਨ ਉਨ੍ਹਾਂ ਦੇ ਨਾਲ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ।

ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਹਾਲੀ ਦੇ ਪਿੰਡ ਅਭੀਪੁਰ ਵਿੱਚ 29 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ।  ਇਸ ਜ਼ਮੀਨ ’ਤੇ ਪਿਛਲੇ 15 ਸਾਲਾਂ ਤੋਂ ਭੂ-ਮਾਫ਼ੀਆ ਦਾ ਕਬਜ਼ਾ ਸੀ।


ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ’ਚੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ ਅਤੇ ਜਨਤਾ ਦਾ ਪੈਸਾ ਲੋਕਾਂ ’ਤੇ ਖਰਚ ਕੀਤਾ ਜਾਵੇਗਾ, ਇਸ ਲਈ ਆਪਣਾ ਵਾਅਦਾ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਭੂ-ਮਾਫੀਆ ਖਿਲਾਫ ਕਾਰਵਾਈ ਕਰ ਰਹੇ ਹਨ।


 ਇਕ ਸਵਾਲ ਦੇ ਜਵਾਬ ਵਿਚ ਕੰਗ ਨੇ ਕਿਹਾ ਕਿ ਹਰ ਮਾਫੀਆ ਖਿਲਾਫ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਸਿਆਸੀ ਤੌਰ ’ਤੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਹਰ ਤਰ੍ਹਾਂ ਦੇ ਮਾਫੀਆ ਤੋਂ ਮੁਕਤ ਕਰਨਾ ਹੈ ਤਾਂ ਜੋ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਨੂੰ ਹਮੇਸ਼ਾ ਲਈ ਰੋਕਿਆ ਜਾ ਸਕੇ । ਇਸ ਦੇ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।  ਮੋਹਾਲੀ ਦੀ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਹਟਾਉਣਾ ਮਾਨ ਸਰਕਾਰ ਲਈ ਚੰਗੀ ਸ਼ੁਰੂਆਤ ਹੈ।  ਨਾਜਾਇਜ਼ ਕਬਜ਼ਿਆਂ ਵਿਰੁੱਧ ਸਰਕਾਰੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।


ਦੇਸ਼ ਵਿੱਚ ਵੱਧ ਰਹੇ ਬਿਜਲੀ ਸੰਕਟ ’ਤੇ ਬੋਲਦਿਆਂ ਮਾਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਲੋਕਾਂ ਨਾਲ ਨਵਾਂ ਭਾਰਤ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਉਨ੍ਹਾਂ ਦਾ ‘ਨਵਾਂ ਭਾਰਤ’ ਹਨੇਰੇ ਵਿੱਚ ਜੀਅ ਰਿਹਾ ਹੈ।  ਅੱਜ ਹਰ ਰਾਜ ਵਿੱਚ 10 ਤੋਂ 15 ਘੰਟੇ  ਪ੍ਰਤੀ ਦਿਨ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬਿਜਲੀ ਉਤਪਾਦਨ ਵਧਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।