ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬੇਤੁਕੇ ਬਿਆਨ ਦੇ ਰਹੀਆਂ ਹਨ।


ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸੰਗਰੂਰ ਉਪ ਚੋਣ ਬਿਨਾਂ ਕਿਸੇ ਹੰਗਾਮੇ ਦੇ ਸ਼ਾਂਤੀਪੂਰਨ ਸੰਪੰਨ ਹੋਈ। ਪੰਜਾਬ ਦੇ ਚੋਣ ਇਤਿਹਾਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।


ਕੰਗ ਨੇ ਪਿਛਲੀਆਂ ਅਕਾਲੀ-ਕਾਂਗਰਸੀ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 2021 'ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ 'ਤੇ ਗੋਲੀਆਂ ਤੱਕ ਚੱਲੀਆਂ ਸਨ। ਕੰਗ ਨੇ ‘ਆਪ’ ਆਗੂ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਚੰਨੀ ਸਰਕਾਰ ਵੇਲੇ ਇੱਕ ਚੋਣ ਸਮਾਗਮ ਦੌਰਾਨ ਉਨ੍ਹਾਂ ਨੂੰ ਵੀ ਅਜਿਹੇ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਅਕਾਲੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅਜਿਹੀ ਘਟਨਾ ਹੋਈ ਸੀ।


ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ 'ਤੇ ਧੱਕਿਆ ਹੈ ਅਤੇ ਸੰਗਠਿਤ ਅਪਰਾਧਾਂ ਨੂੰ ਉਤਸ਼ਾਹਿਤ ਕੀਤਾ ਹੈ। ਜਿਸ ਦਾ ਨਤੀਜਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ।
 


‘ਆਪ’ ਬੁਲਾਰੇ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਹਾਲ ਹੀ 'ਚ ਕੀਤੀ ਕਾਰਵਾਈ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਲੁੱਟ ਅਤੇ ਘਪਲਿਆਂ ਦੀ ਜਾਂਚ ਲਈ ਵਿਧਾਨ ਸਭਾ ਵਿੱਚ ‘ਵਾਈਟ ਪੇਪਰ’ ਲਿਆਉਣ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਹਰ ਲੁੱਟ ਬਾਰੇ ਆਮ ਜਨਤਾ ਨੂੰ ਪਤਾ ਲੱਗ ਸਕੇ।


ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦੇ ਖ਼ਜ਼ਾਨੇ ਵਿੱਚ ਹੇਰਫੇਰ ਕੀਤੀ ਹੈ ਅਤੇ ਪੰਜਾਬ ਦੇ ਕੁਦਰਤੀ ਅਤੇ ਸਰਕਾਰੀ ਸਾਧਨਾਂ ਨੂੰ ਲੁੱਟਿਆ ਹੈ, ਉਨ੍ਹਾਂ ਦੇ ਚਿਹਰੇ ਹੁਣ ਨੰਗੇ ਹੋ ਜਾਣਗੇ। ਪੰਜਾਬ ਦੇ ਖਜ਼ਾਨੇ ਦੀ ਲੁੱਟ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਆਪਣਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ।