ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿੱਚ ਉਨ੍ਹਾਂ ਵੱਲੋਂ ਵਿਜੀਲੈਂਸ ਦੀ ਕਲੋਜ਼ਰ ਰਿਪੋਰਟ ਖ਼ਿਲਾਫ਼ ਦਾਇਰ ਅਰਜ਼ੀ ਰੱਦ ਕਰ ਦਿੱਤੀ ਹੈ। ਇਹ ਫੈਸਲਾ ਲੁਧਿਆਣਾ ਦੀ ਅਦਾਲਤ ਨੇ ਸੁਣਾਇਆ। ਇਸ ਕੇਸ ਦੀ ਅਗਲੀ ਸੁਣਵਾਈ 28 ਮਾਰਚ, 2019 ਨੂੰ ਹੋਏਗੀ।

ਸੈਣੀ ਨੇ ਇਸ ਕੇਸ ਸਬੰਧੀ ਅਦਾਲਤ ਵਿੱਚ ਅਰਜ਼ੀ ਦਾਇਰ ਕੇ ਉਨ੍ਹਾਂ ਦਾ ਪੱਖ ਸੁਣਨ ਦੀ ਗੁਹਾਰ ਲਾਈ ਸੀ। ਉਨ੍ਹਾਂ ਕਿਹਾ ਸੀ ਕਿ ਉਹ ਇਸ ਮਾਮਲੇ ਵਿੱਚ ਕੁਝ ਅਹਿਮ ਦਸਤਾਵੇਜ਼ ਅਦਾਲਤ ਨੂੰ ਪੇਸ਼ ਕਰਨਾ ਚਾਹੁੰਦੇ ਹਨ। ਸਰਕਾਰੀ ਪੱਖ ਤੋਂ ਨਿਰਦੇਸ਼ਕ ਚੰਡੀਗੜ੍ਹ ਜ਼ਿਲ੍ਹਾ ਅਟਾਰਨੀ ਰਵੀ ਕੁਮਾਰ ਨੇ ਅਦਾਲਤ ਵਿੱਚ ਸੈਣੀ ਦੀ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਸਿਮਰਨਜੀਤ ਬੈਂਸ ਤੇ ਸਾਬਕਾ ਐਸਐਸਪੀ ਵਿਜੀਲੈਂਸ ਦੀਆਂ ਅਰਜ਼ੀਆਂ ਵੀ ਰੱਦ ਕਰ ਦਿੱਤੀਆਂ ਹਨ। ਇਸ ਕੇਸ ਵਿੱਚ ਵਿਜੀਲੈਂਸ ਨੇ ਆਪਣੀ ਕਲੋਜ਼ਰ ਰਿਪੋਰਟ ਦਾਇਰ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਹੁਣ ਸਾਬਕਾ ਡੀਜੀਪੀ ਦੀ ਅਰਜ਼ੀ ਰੱਦ ਹੋਣ ਨਾਲ ਸੀਐਮ ਕੈਪਟਨ ਸਮੇਤ ਸਾਰੇ ਮੁਲਜ਼ਮਾਂ ਨੂੰ ਰਾਹਤ ਮਿਲੀ ਹੈ।