ਪਰਾਲੀ ਸਾੜਨ ਵਿਰੁੱਧ ਲੜਾਈ ਨੂੰ ਜਾਰੀ ਰੱਖਦੇ ਹੋਏ ਲੁਧਿਆਣਾ ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਹਾਈਟੈਕ ਉਪਕਰਨਾਂ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ।  




ਡਿਪਟੀ ਕਮਿਸ਼ਨਰ ਜੋਰਵਾਲ ਅਤੇ ਐਸ.ਐਸ.ਪੀ ਬੈਂਸ ਦੋਵਾਂ ਨੇ ਪਿੰਡ ਲੋਹਟਬੱਦੀ, ਕਲੀਸਣ, ਜੌਹਾਲਾ, ਰਛੀਨ, ਜਲਾਲਦੀਵਾਲ, ਤਲਵੰਡੀ ਰਾਏ, ਧੂਰਕੋਟ, ਬੱਸੀਆਂ, ਝੋਰੜਾਂ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਝੋਨੇ ਦੀ ਪਰਾਲੀ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਹੈ। ਇਸ ਲਈ ਵੱਖ-ਵੱਖ ਖੇਤੀ ਸੰਦਾਂ ਜਿਵੇਂ ਕਿ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਡਰਿੱਲ ਅਤੇ ਟਰੈਕਟਰਾਂ ਦੀ ਵਰਤੋਂ ਕਰਕੇ ਇਸ ਨੂੰ ਖੇਤਾਂ ਵਿੱਚ ਰਲਾਉਣਾ ਚਾਹੀਦਾ ਹੈ।  


ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ 'ਤੇ ਤੁਰੰਤ ਕਾਰਵਾਈ ਕਰ ਰਿਹਾ ਹੈ। ਪ੍ਰਸ਼ਾਸਨ ਨੇ ਇਸ ਸੀਜ਼ਨ ਵਿੱਚ ਲਗਭਗ 16.53 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਯੋਜਨਾ ਬਣਾਈ ਹੈ, ਜਿਸ ਦੇ ਇੱਕ ਮਹੱਤਵਪੂਰਨ ਹਿੱਸੇ ਦਾ ਪ੍ਰਬੰਧਨ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਨੂੰ ਘਟਾਉਣ ਲਈ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਨ ਪੱਖੀ ਹੱਲ ਅਪਣਾਉਣ ਦੀ ਅਪੀਲ ਕੀਤੀ। 


ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੀ ਤਿਆਰੀ ਮੁਕੰਮਲ, ਮੁਲਾਜ਼ਮਾਂ ਨੂੰ ਵੋਟਿੰਗ ਦੀ ਦਿੱਤੀ ਗਈ ਟ੍ਰੇਨਿੰਗ, ਪੁਲਿਸ ਦਾ ਖਾਸ ਸੁਰੱਖਿਆ ਪਹਿਰਾ



ਬਾਅਦ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿਛਲੇ ਕਈ ਸਾਲਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਕਿਸਾਨਾਂ ਨੂੰ "ਵਾਤਾਵਰਣ ਦੇ ਰੱਖਿਅਕ" ਕਿਹਾ। ਉਨ੍ਹਾਂ ਨੇ ਕੁਦਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਦੂਜਿਆਂ ਨੂੰ ਵੀ ਉਨ੍ਹਾਂ ਦੀ ਮਿਸਾਲ 'ਤੇ ਚੱਲਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਮਕਸਦ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੰਭਾਲਣ ਦੇ ਮਜ਼ਬੂਤ ਸੰਦੇਸ਼ ਦਾ ਪ੍ਰਚਾਰ ਕਰਨਾ ਹੈ।