ਲੁਧਿਆਣਾ: ਨਗਰ ਨਿਗਮ ਲੁਧਿਆਣਾ ਦੀ ਚੋਣ ਲਈ ਚੋਣ ਕਮਿਸ਼ਨਰ ਵੱਲੋਂ 9 ਨਿਗਰਾਨ ਨਿਯੁਕਤ ਕੀਤੇ ਗਏ ਹਨ। ਨਿਗਰਾਨਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਮੰਗ ਉੱਠ ਰਹੀ ਸੀ ਤੇ ਵਿਰੋਧੀਆਂ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।


ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਮੰਗ ਕੀਤੀ ਸੀ ਕਿ ਲੁਧਿਆਣਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਦੌਰਾਨ ਬਾਹਰਲੇ ਸੂਬੇ ਦਾ ਅਬਜ਼ਰਵਰ ਲਾਇਆ ਜਾਵੇ ਤੇ ਨਾਲ ਹੀ ਫੌਜ ਤਾਇਨਾਤ ਕੀਤੀ ਜਾਵੇ। ਬੈਂਸ ਨੇ ਕਿਹਾ ਸੀ ਕਿ ਨਿਗਮ ਚੋਣਾਂ ਦੌਰਾਨ ਕਾਂਗਰਸ ਕਥਿਤ ਧੱਕੇਸ਼ਾਹੀ ਕਰੇਗੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ ਨੇ ਸਾਜ਼ਿਸ਼ ਤਹਿਤ ਲੁਧਿਆਣਾ ਦੀਆਂ ਨਿਗਮ ਚੋਣਾਂ ਅੱਗੇ ਪਾਈਆਂ ਸਨ।

ਇਸ ਤੋਂ ਪਹਿਲਾਂ ਲੁਧਿਆਣਾ ਨਗਰ ਨਿਗਮ ਦੀ ਵਾਰਡਬੰਦੀ ਸਬੰਧੀ ਲੋਕ ਇਨਸਾਫ਼ ਪਾਰਟੀ ਵੱਲੋਂ ਹਾਈਕੋਰਟ 'ਚ ਪਾਈ ਪਟੀਸ਼ਨ ਰੱਦ ਹੋ ਗਈ ਸੀ। ਲੋਕ ਇਨਸਾਫ਼ ਪਾਰਟੀ ਨੇ ਕਾਂਗਰਸ ਸਰਕਾਰ ਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ 'ਤੇ ਦੋਸ਼ ਲਾਏ ਸੀ ਕਿ ਇਹ ਵਾਰਡਬੰਦੀ ਗ਼ੈਰਕਾਨੂੰਨੀ ਹੈ।