Ludhiana News: ਪੰਜਾਬ 'ਚ ਸਕੂਲਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਨ ਨੇ ਉਨ੍ਹਾਂ ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਨੇ ਅਜੇ ਤੱਕ ਆਪਣੇ ਵਿਦਿਆਰਥੀਆਂ ਦੀ ‘ਅਪਾਰ ਆਈਡੀ’ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ ਜਾਂ ਫਿਰ ਜਾਣਬੁੱਝ ਕੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਦੇਰੀ ਕਰ ਰਹੇ ਹਨ।
ਇਸ ਸਬੰਧੀ ਜਾਰੀ ਵਿਭਾਗੀ ਪੱਤਰ ਅਨੁਸਾਰ ਵਿਭਾਗ ਨੇ ਉਨ੍ਹਾਂ ਸਕੂਲਾਂ ਦੀ ਸੂਚੀ ਸਾਂਝੀ ਕੀਤੀ ਹੈ, ਜਿਨ੍ਹਾਂ ਨੇ ਵਾਰ-ਵਾਰ ਹਦਾਇਤਾਂ ਅਤੇ ਵਟਸਐਪ ਸੰਦੇਸ਼ਾਂ ਦੇ ਬਾਵਜੂਦ ‘ਅਪਾਰ ਆਈਡੀ’ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ। ਇਸ ਦੇਰੀ ਨੂੰ ਵਿਭਾਗ ਨੇ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਇਸ ਲਈ ਸਬੰਧਤ ਸਕੂਲ ਮੁਖੀਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਹੋਵੇਗਾ। ਦੱਸ ਦੇਈਏ ਕਿ 'ਅਪਾਰ ਆਈ.ਡੀ. 'ਇਹ ਸਿੱਖਿਆ ਵਿਭਾਗ ਦੁਆਰਾ ਵਿਦਿਆਰਥੀਆਂ ਦਾ ਇੱਕ ਸਥਾਈ ਅਕਾਦਮਿਕ ਰਿਕਾਰਡ ਬਣਾਉਣ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਦੇ ਵਿਦਿਅਕ ਡੇਟਾ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਕਰਨਾ ਹੈ ਤਾਂ ਜੋ ਭਵਿੱਖ ਵਿੱਚ ਰਿਕਾਰਡ ਪ੍ਰਬੰਧਨ ਅਤੇ ਅਕਾਦਮਿਕ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਸਿੱਖਿਆ ਵਿਭਾਗ ਨੇ ਇਹ ਸਪੱਸ਼ਟ ਕੀਤਾ ਹੈ ਕਿ ਇਸ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਸਕੂਲ ਮੁਖੀਆਂ ਨੂੰ ਨਿੱਜੀ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣੀ ਦੇਰੀ ਦਾ ਕਾਰਨ ਦੱਸਣਾ ਹੋਵੇਗਾ। ਇਹ ਕਦਮ ਇਹ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਕਿ ਸਾਰੇ ਵਿਦਿਆਰਥੀ ਇਸ ਡਿਜੀਟਲ ਪ੍ਰਣਾਲੀ ਦੇ ਲਾਭ ਸਾਂਝੇ ਕਰ ਸਕਣ।