Ludhiana News: ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ  ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਉਸ ਦੇ ਨਜ਼ਦੀਕੀ ਸਾਥੀ ਕੌਂਸਲਰ ਸਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਰਕਾਰ ਤੇ ਵਿਜੀਲੈਂਸ ਖ਼ਿਲਾਫ਼ ਬੋਲਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਹੁਣ ਵਧ ਸਕਦੀਆਂ ਹਨ। ਵਿਜੀਲੈਂਸ ਨੇ ਬਿੱਟੂ ਦੇ ਧਮਕੀ ਭਰੇ ਬੋਲਾਂ ਖਿਲਾਫ਼ ਹੁਣ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਤਿਆਰੀ ਕਰ ਲਈ ਹੈ। 


ਬਿੱਟੂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਵਿਜੀਲੈਂਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਵਿਜੀਲੈਂਸ ਨੂੰ ਸੈਟਿੰਗ ਦੀ ਦੁਕਾਨ ਤੱਕ ਆਖ ਦਿੱਤਾ ਸੀ। ਲੋਕ ਸਭਾ ਮੈਂਬਰ ਬਿੱਟੂ ਖ਼ਿਲਾਫ਼ ਤਿਆਰੀ ਲਈ ਡੀਏ ਲੀਗਲ ਦੀ ਸਲਾਹ ਲਈ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਕੀਤੀ ਹੈ। 


ਐਸਐਸਪੀ ਨੇ ਕਿਹਾ ਕਿ ਵਿਜੀਲੈਂਸ ਨੇ ਆਪਣੀ ਕਾਰਵਾਈ ਤੱਥਾਂ ਦੇ ਆਧਾਰ ’ਤੇ ਕੀਤੀ ਹੈ ਤੇ ਇਸ ’ਚ ਕੋਈ ਵੀ ਗਲਤ ਕੰਮ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਲੋਕ ਸਭਾ ਮੈਂਬਰ ਬਿੱਟੂ ’ਤੇ ਮਾਣਹਾਨੀ ਦਾ ਕੇਸ ਦਰਜ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਫੇਸਬੁੱਕ ’ਤੇ ਲਾਈਵ ਹੋ ਕੇ ਵਿਜੀਲੈਂਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕਰ ਕੇ ਜਾਣਬੁੱਝ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।