Ludhiana News: ਸ਼ਰਮਨਾਕ ! ਲੁਧਿਆਣਾ 'ਚ ਜ਼ਹਿਰ ਦੇ ਮਾਰੀਆਂ ਗਊਆਂ, ਔਰਤ ਸਣੇ ਤਿੰਨ ਖ਼ਿਲਾਫ਼ ਕੇਸ ਦਰਜ
Ludhiana News : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਗਊਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Ludhiana News : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਗਊਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਖੂਹਾਂ ਦੇ ਮਾਲਕ ਮਨੋਹਰ ਮਸੀਹ ਦੀ ਸ਼ਿਕਾਇਤ ਤੇ ਅਮਲ ਵਿੱਚ ਲਿਆਂਦੀ ਹੈ। ਇਸ ਸਬੰਧੀ ਪੁਲਿਸ ਨੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਮੇਸੀ ਹਲਵਾਈ, ਰੋਕੀ ਤੇ ਚੰਚਲ ਨਾਮੀ ਔਰਤ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਮੇਸੀ ਤੇ ਉਸ ਦੇ ਸਾਥੀ ਅਕਸਰ ਉਸ ਦੇ ਤਬੇਲੇ ਦੇ ਨੇੜੇ ਬੈਠ ਕੇ ਸ਼ਰਾਬ ਪੀਂਦੇ ਸਨ। ਉਹ ਇਸ ਦਾ ਵਿਰੋਧ ਕਰਦਾ ਸੀ, ਜਿਸ ਕਾਰਨ ਕਥਿਤ ਮੁਲਜ਼ਮ ਉਸ ਨਾਲ ਰੰਜ਼ਿਸ ਰੱਖਣ ਲੱਗ ਪਏ ਤੇ ਬੀਤੀ ਰਾਤ ਉਨ੍ਹਾਂ ਨੇ ਉਸ ਦੀਆਂ ਗਉਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਘਟਨਾ ਦਾ ਪਤਾ ਉਸ ਵਕਤ ਲੱਗਾ ਜਦੋਂ ਮਨੋਹਰ ਮਸੀਹ ਤਬੇਲੇ ਵਿੱਚ ਗਿਆ ਤਾਂ ਗਊਆਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ, ਜਿਸ 'ਤੇ ਉਸ ਨੇ ਇਸ ਦੀ ਸੂਚਨਾ ਸਰਪੰਚ ਨੂੰ ਦਿੱਤੀ ਤੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਜਾਂਚ ਕਰ ਰਹੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਨੇ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦਿਆਂ ਸ਼ਿਵ ਸੈਨਾ ਦੇ ਆਗੂ ਅਮਿਤ ਅਰੋੜਾ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਨੂੰ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਹਿੰਦੂ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਜਾ ਰਹੀ ਹੈ ਤੇ ਜਿਸ ਵਿਚ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੋਈ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।