ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਫਿਰ ਲੁਧਿਆਣਾ ਗੈਂਗਰੇਪ ਦਾ ਮੁੱਦਾ ਛਾਇਆ ਰਿਹਾ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸਰਕਾਰ 'ਤੇ ਸਵਾਲ ਉਠਾਏ। ਇਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਭਰੋਸਾ ਦਵਾਇਆ ਕਿ ਉਹ ਨਿੱਜੀ ਤੌਰ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਾਲ ਮਿਲ ਕੇ ਅਜਿਹੇ ਅਪਰਾਧਾਂ ਦੇ ਨਿਬੇੜੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਸਥਾਪਤ ਕਰਨ ਦੀ ਅਪੀਲ ਕਰਨਗੇ।
ਦਰਅਸਲ 'ਆਪ' ਦੀ ਜਗਰਾਓ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਲੁਧਿਆਣਾ ਗੈਂਗਰੇਪ ਦਾ ਮੁੱਦਾ ਸਿਫ਼ਰ ਕਾਲ 'ਚ ਉਠਾਉਂਦੇ ਹੋਏ ਕਿਹਾ ਕਿ ਸੂਬੇ 'ਚ ਔਰਤਾਂ 'ਤੇ ਅੱਤਿਆਚਾਰ ਦੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਮਾਣੂੰਕੇ ਨੇ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਮੁੱਲਾਂਪੁਰ ਦਾਖਾ ਪੁਲਿਸ ਪੀੜਤ ਦੇ ਸਾਥੀ ਵੱਲੋਂ ਦਿੱਤੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਬਚਾਅ ਹੋ ਸਕਦਾ ਸੀ। ਦਾਖਾ ਤੋਂ ਵਿਧਾਇਕ ਐਚਐਸ ਫੂਲਕਾ ਨੇ ਕਿਹਾ ਕਿ ਦੋਸ਼ੀ ਪੁਲਿਸ ਅਫ਼ਸਰਾਂ-ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਸਮੁੱਚੇ ਪੁਲਿਸ ਤੇ ਪ੍ਰਸ਼ਾਸਨ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇ।
ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋ ਸਾਲਾਂ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਿਹਤਰ ਹੈ ਪਰ ਗੈਂਗਰੇਪ ਵਰਗੇ ਅਜਿਹੇ ਕੇਸਾਂ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਉਹ ਨਿੱਜੀ ਤੌਰ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਾਲ ਮਿਲ ਕੇ ਅਜਿਹੇ ਅਪਰਾਧਾਂ ਦੇ ਨਿਬੇੜੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਸਥਾਪਤ ਕਰਨ ਦੀ ਅਪੀਲ ਕਰਨਗੇ।
ਇਸ ਮੁੱਦੇ 'ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਪੁਲਿਸ ਦਾ ਡਰ ਹੋਵੇ ਤਾਂ ਕੋਈ ਵੀ ਅਜਿਹੇ ਘਿਣਾਉਣੇ ਜੁਰਮ ਕਰਨ ਦੀ ਹਿੰਮਤ ਨਹੀਂ ਕਰ ਸਕਦਾ। ਸੰਧਵਾਂ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਕਿ ਸੁਸਤ ਕਾਨੂੰਨ ਵਿਵਸਥਾ ਤੋਂ ਸਹਿਮੇ ਪੰਜਾਬ ਦੇ ਲੋਕ 2002 ਤੋਂ 2007 ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਇੰਤਜ਼ਾਰ ਕਰ ਰਹੇ ਹਨ ਇਸ ਲਈ ਉਹ ਪੁਲਿਸ, ਪ੍ਰਸ਼ਾਸਨ ਤੇ ਅਪਰਾਧੀਆਂ ਨੂੰ ਸਖ਼ਤ ਸੰਦੇਸ਼ ਦੇਣ।