ਪੰਜਾਬ 'ਚ ਲੰਪੀ ਸਕਿਨ ਦਾ ਕਹਿਰ! ਮਾਨ ਸਰਕਾਰ ਛੁਪਾ ਰਹੀ ਮ੍ਰਿਤਕ ਪਸ਼ੂਆਂ ਦੇ ਅੰਕੜੇ, ਪੰਜਾਬ ਦੇ MP ਵੱਲੋਂ ਕੇਂਦਰੀ ਮੰਤਰੀ ਕੋਲ ਸ਼ਿਕਾਇਤ
Lumpy Skin: ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਹੀ ਅੰਕੜੇ ਪੇਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਦਾਅਵਾ ਹੈ ਕਿ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੀ ਕੁੱਲ ਗਿਣਤੀ 1.25 ਲੱਖ ਹੈ
Punjab News: ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਣਾ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਵਿੱਚ ਲਿੰਪੀ ਸਕਿਨ ਦੀ ਬਿਮਾਰੀ ਨੇ ਪਸ਼ੂਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਰਸਾਈ ਇਸ ਬਿਮਾਰੀ ਨਾਲ ਪ੍ਰਭਾਵਿਤ ਤੇ ਮਰੇ ਹੋਏ ਪਸ਼ੂਆਂ ਦੀ ਗਿਣਤੀ ਡੇਅਰੀ ਫਾਰਮਰ ਐਸੋਸੀਏਸ਼ਨਾਂ ਵੱਲੋਂ ਦੱਸੀ ਗਿਣਤੀ ਦਾ 10ਵਾਂ ਹਿੱਸਾ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਹੀ ਅੰਕੜੇ ਪੇਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਦਾਅਵਾ ਹੈ ਕਿ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੀ ਕੁੱਲ ਗਿਣਤੀ 1.25 ਲੱਖ ਹੈ ਜਦਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਮਰੇ ਹੋਏ ਪਸ਼ੂਆਂ ਦੀ ਗਿਣਤੀ ਹੀ 1.25 ਲੱਖ ਹੈ।
ਉਨ੍ਹਾਂ ਕਿਹਾ ਕਿ ਉਹ ਪ੍ਰਭਾਵਿਤ ਪਸ਼ੂਆਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਕੇਂਦਰੀ ਟੀਮ ਭੇਜੇ ਤੇ ਪੰਜਾਬ ਵਿਚ ਇਸ ਪ੍ਰਕੋਪ ਨਾਲ ਨਜਿੱਠਣ ਲਈ ਜੋ ਵੀ ਵਿਗਿਆਨਕ ਤੇ ਵਿੱਤੀ ਸਰੋਤਾਂ ਦੀ ਲੋੜ ਹੈ ਉਹ ਮੁਹੱਈਆ ਕਰਵਾਏ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਸ਼ੂਆਂ ਦੇ ਮਾਲਕਾਂ ਨੂੰ ਯਕਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਵੇ।
ਦੱਸ ਦਈਏ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦਾ ਕਹਿਣਾ ਹੈ ਕਿ ਸੂਬੇ ਵਿੱਚ ਲੰਪੀ ਸਕਿਨ ਦੇ ਫੈਲਣ ਦੇ ਮੱਦੇਨਜ਼ਰ ਪੰਜਾਬ ਵਿੱਚ ਡੇਅਰੀ ਕਿਸਾਨਾਂ ਦੇ ਦੁੱਧ ਦੇ ਉਤਪਾਦਨ ਵਿੱਚ 15-20 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ। ਲੰਪੀ ਸਕਿਨ ਪਸ਼ੂਆਂ, ਖਾਸ ਤੌਰ 'ਤੇ ਗਾਵਾਂ ਨੂੰ ਪ੍ਰਭਾਵਿਤ ਕਰਨ ਤੇ ਪਸ਼ੂਆਂ ਦੀ ਮੌਤ ਦਾ ਕਾਰਨ ਬਣ ਰਹੀ ਹੈ, ਛੋਟੇ ਤੇ ਦਰਮਿਆਨੇ ਡੇਅਰੀ ਫਾਰਮਰ, ਜਿਨ੍ਹਾਂ ਦੀ ਰੋਜ਼ੀ-ਰੋਟੀ ਪੂਰੀ ਤਰ੍ਹਾਂ ਪਸ਼ੂਆਂ 'ਤੇ ਨਿਰਭਰ ਕਰਦੀ ਹੈ, ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਰਾਜ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ, ਕੁੱਲ 1.26 ਲੱਖ ਬਿਮਾਰੀ (ਐਲਐਸਡੀ) ਤੋਂ ਪ੍ਰਭਾਵਿਤ ਹੋਏ ਹਨ ਜਦੋਂ ਕਿ ਲੰਪੀ ਸਕਿਨ ਕਾਰਨ ਹੁਣ ਤੱਕ 10,000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਪੀਡੀਐਫਏ ਦਾ ਦਾਅਵਾ ਹੈ ਕਿ ਜੁਲਾਈ ਤੋਂ ਹੁਣ ਤੱਕ ਐਲਐਸਡੀ ਕਾਰਨ ਰਾਜ ਵਿੱਚ ਇੱਕ ਲੱਖ ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਖਾਸ ਤੌਰ 'ਤੇ, ਐਲਐਸਡੀ ਨੇ ਮੁੱਖ ਤੌਰ 'ਤੇ ਗਾਵਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਤੇ ਤਰਨ ਤਾਰਨ ਸਮੇਤ ਕਈ ਜ਼ਿਲ੍ਹੇ ਰਾਜ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹਨ।