ਅੰਮ੍ਰਿਤਸਰ: ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨਾਲ ਮਾਰੇ ਗਏ ਦੋ ਲੋਕਾਂ ਦੀਆਂ ਲਾਸ਼ਾਂ ਬਦਲਣ ਦੇ ਮਾਮਲੇ ਵਿੱਚ ਅੱਜ ਮੈਜਿਸਟਰੇਟੀ ਜਾਂਚ ਸ਼ੁਰੂ ਹੋ ਗਈ। ਜਾਂਚ ਅਧਿਕਾਰੀ ਅੰਮ੍ਰਿਤਸਰ ਦੇ ਐਸਡੀਐਮ ਸ਼ਿਵਰਾਜ ਸਿੰਘ ਬੱਲ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਕੀਤਾ ਤੇ ਡਾਕਟਰਾਂ ਤੋਂ ਪੁੱਛਗਿੱਛ ਕੀਤੀ।


ਐਸਡੀਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਡਾਕਟਰਾਂ ਦੇ ਬਿਆਨ ਦਰਜ ਕੀਤੇ ਗਏ। ਇਸ ਦੇ ਨਾਲ ਹੀ ਸਬੰਧਤ ਸਟਾਫ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਪੀੜਤ ਪ੍ਰੀਤਮ ਸਿੰਘ ਤੇ ਪਦਮਾ ਦੇ ਪਰਿਵਾਰਕ ਮੈਂਬਰਾਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ।

ਇਸ ਤੋਂ ਇਲਾਵਾ ਸੀਸੀਟੀਵੀ ਫੁਟੇਜ ਵੀ ਵੇਖੀ ਜਾਵੇਗੀ। ਮਾਮਲੇ 'ਚ ਲੋੜ ਪੈਣ 'ਤੇ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਇਸ ਗੱਲ ਦਾ ਪਤਾ ਲਾਇਆ ਜਾ ਸਕੇ ਕਿ ਇਹ ਗਲਤੀ ਕਿਵੇਂ ਹੋਈ ਤੇ ਇਸ ਦੇ ਜ਼ਿੰਮੇਵਾਰ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।

ਇਸ ਦੇ ਨਾਲ ਹੀ ਭਵਿੱਖ ਵਿੱਚ ਅਜਿਹੀ ਗਲਤੀ ਨਾ ਹੋਵੇ ਇਸ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਜ਼ਿਲਾ ਸਿੰਘ ਢਿੱਲੋਂ ਨੇ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਸੀ। ਇਸ ਤੋਂ ਬਾਅਦ ਐਸਡੀਐਮ ਸ਼ਿਵਰਾਜ ਸਿੰਘ ਬੱਲ ਨੇ ਜਾਂਚ ਸ਼ੁਰੂ ਕੀਤੀ ਤੇ ਐਸਡੀਐਮ ਮੁਤਾਬਕ ਉਹ ਜਲਦੀ ਹੀ ਇਸ ਜਾਂਚ ਨੂੰ ਮੁਕੰਮਲ ਕਰ ਲੈਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904