Sri Kartarpur Sahib: ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਸ਼ਨੀਵਾਰ ਰਾਤ ਇੱਕ ਪਾਰਟੀ ਹੋਈ। ਜਿਸ ਵਿੱਚ ਮੀਟ ਤੇ ਸ਼ਰਾਬ ਵੀ ਪਰੋਸੀ ਗਈ ਸੀ।  ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਇਸ ਤੋਂ ਪੰਜਾਬ ਦੇ ਸਿਆਸੀ ਤੇ ਪੰਥਕ ਆਗੂਆਂ ਵੱਲੋਂ ਇਸ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਹੈ।


ਇਸ ਬਾਬਤ ਸ਼੍ਰੋਮਣੀ ਅਕਾਲੀ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿੱਚ ਸ਼ਰਾਬ ਅਤੇ ਮੀਟ ਦੇ ਦੌਰ ਚੱਲਣ ਦੀ ਘਿਨਾਉਣੀ ਦੀ ਹਰਕਤ ਗੁਰ ਮਰਿਯਾਦਾ ਦੀ ਘੋਰ ਉਲੰਘਣਾ ਹੈ ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। 






ਮਜੀਠੀਆ ਨੇ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਘਿਨੌਣੇ ਕਾਰੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨਾਲ‌ ਹੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤਾ ਜਾਵੇ। ਅਸੀਂ ਭਾਰਤ ਸਰਕਾਰ ਨੂੰ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਦੀ ਅਪੀਲ ਕਰਦੇ ਹਾਂ। ਜੱਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਵੀ ਬੇਨਤੀ ਹੈ ਕਿ ਉਹ ਮਾਮਲੇ ਦਾ ਗੰਭੀਰ ਨੋਟਿਸ ਲੈਣ। 


ਉਧਰ, ਜਦੋਂ ਸਿੱਖ ਭਾਈਚਾਰੇ ਨੂੰ ਇਸ ਸਮਾਗਮ ਵਿੱਚ ਮੀਟ ਤੇ ਸ਼ਰਾਬ ਵਰਤਾਏ ਜਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਵਿਰੋਧ ਦਰਜ ਕਰਵਾਇਆ। ਭਾਰਤ ਵਿੱਚ ਇਸ ਮਾਮਲੇ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਵੀ ਇਸ ਘਟਨਾ 'ਤੇ ਰੋਸ ਪ੍ਰਗਟ ਕੀਤਾ ਹੈ। ਬੀਜੇਪੀ ਲੀਡਰ ਮਨਜਿੰਦਰ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ।