Bikram Majithia: ਡਰੱਗ ਕੇਸ 'ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ, ਅਕਾਲੀ ਦਲ ਭੜਕਿਆ, ਸੀਐਮ ਭਗਵੰਤ ਮਾਨ ਆਹਮੋ-ਸਾਹਮਣੇ ਬੈਠ ਕੇ ਹੀ ਨਿਬੇੜਾ ਕਰ ਲਵੇ
Bikram Majithia Drug Case Inquiry: ਕਰੋੜਾਂ ਰੁਪਏ ਦੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤੇ ਹਨ।
Bikram Majithia Drug Case Inquiry: ਕਰੋੜਾਂ ਰੁਪਏ ਦੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤੇ ਹਨ। ਮਜੀਠੀਆ ਤੋਂ 18 ਜੁਲਾਈ ਨੂੰ ਸਵੇਰੇ 10 ਵਜੇ ਪਟਿਆਲਾ ਵਿਖੇ ਪੁੱਛਗਿੱਛ ਕੀਤੀ ਜਾਵੇਗੀ।
ਉਧਰ, ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਸਿਆਸਤ ਤੋਂ ਪ੍ਰੇਰਿਤ ਇਸ ਮਾਮਲੇ ਵਿੱਚ ਕੀ ਸਾਬਤ ਕਰਨਾ ਚਾਹੁੰਦੀ ਹੈ। ਸਰਕਾਰ ਅਦਾਲਤ ਵਿੱਚ ਸਬੂਤ ਪੇਸ਼ ਕਰਨ ਦੇ ਸਮਰੱਥ ਨਹੀਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਅਜਿਹੀ ਸਥਿਤੀ 'ਚ ਉਹ ਅਫਸਰਸ਼ਾਹੀ ਦਾ ਸਿਆਸੀਕਰਨ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐਸਆਈਟੀ ਦਾ ਮੁਖੀ ਬਣਕੇ ਖੁਦ ਜਾਂਚ ਕਰ ਲੈਣੀ ਚਾਹੀਦੀ ਹੈ। ਆਹਮੋ-ਸਾਹਮਣੇ ਬੈਠ ਕੇ ਮਾਮਲੇ ਨਿਬੇੜ ਦੇਣ, ਸਰਕਾਰ ਦਾ ਪੈਸਾ ਤੇ ਸਮਾਂ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਜਦੋਂ SIT ਨੇ ਮਜੀਠੀਆ ਨੂੰ ਪਿਛਲੇ ਮਹੀਨੇ ਨੋਟਿਸ ਭੇਜਿਆ ਸੀ ਤਾਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਪਿਛਲੀ ਸੁਣਵਾਈ 'ਤੇ SIT ਨੇ ਸੰਮਨ ਵਾਪਸ ਲੈ ਲਏ ਸਨ।
ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਸੀ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਗਏ ਸਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਵਸੂਲੀ ਵੀ ਨਹੀਂ ਹੋਈ।