ਅੰਮ੍ਰਿਤਸਰ: ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਵਿੱਚ ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੂੰਝਾ ਫੇਰ ਜਿੱਤ ਮਿਲੀ ਹੈ। ਇਸ ਗੱਲ ਤੋਂ ਬਾਗੋ-ਬਾਗ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਦੇ ਮਜੀਠਾ ਹਲਕੇ ਤੋਂ ਜਿੱਤੇ 28 ਬਲਾਕ ਸੰਮਤੀ ਮੈਂਬਰ ਤੇ ਚਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਸ਼ੁਕਰਾਨਾ ਕਰਨ ਪਹੁੰਚੇ।
ਇਸ ਮੌਕੇ ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਨੇ ਨਵਾਂ ਇਤਿਹਾਸ ਸਿਰਜਿਆ ਹੈ। ਕਾਂਗਰਸ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇੱਕ ਸਬਕ ਸਿਖਾਇਆ ਹੈ।
ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਆਏ ਹਨ ਤੇ ਆਸ਼ੀਰਵਾਦ ਲੈਣ ਆਏ ਹਨ ਕਿ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਰ ਨਾਲ ਸਿਰ ਜੋੜ ਕੇ ਹਲਕੇ ਦੇ ਲੋਕਾਂ ਦੀ ਉਸੇ ਤਰ੍ਹਾਂ ਸੇਵਾ ਕਰਨ ਜਿਸ ਤਰ੍ਹਾਂ ਉਹ ਪਿਛਲੇ ਸਮੇਂ ਤੋਂ ਕਰਦੇ ਆ ਰਹੇ ਹਨ।