ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਪਰਲਜ਼ ਗਰੁਪ (Pearl Group) 'ਤੇ ਕਾਰਵਾਈ ਦਾ ਵੱਡਾ ਫੈਸਲਾ ਲੈ ਸਕਦੀ ਹੈ। ਆਮ ਆਦਮੀ ਪਾਰਟੀ ਸਰਕਾਰ ਇਸ ਗਰੁੱਪ ਖਿਲਾਫ ਕਾਰਵਾਈ ਦਾ ਐਲਾਨ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਹੁੰਦੇ ਹੋਏ ਇਸ ਗਰੁੱਪ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ ਸੀ। ਪੰਜਾਬ ਦੇ ਬਹੁਤ ਸਾਰੇ ਲੋਕਾਂ ਦਾ ਪੈਸਾ ਇਸ ਗਰੁੱਪ 'ਚ ਫਸਿਆ ਹੋਇਆ ਹੈ।


ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਪੀੜਤ ਨਿਵੇਸ਼ਕਾਂ ਦਾ ਡੁੱਬਿਆ ਪੈਸਾ ਵਾਪਸ ਕਰਾਉਣ ਦੀ ਯੋਜਨਾ ਬਣਾ ਰਹੀ ਹੈ। ਪਰਲਜ਼ ਗਰੁੱਪ ਦੇ ਸਬੰਧ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਨਾਲ ਰਹੇ ਹਨ। ਇਸ ਕਰਕੇ ਇਹ ਗਰੁੱਪ ਕਈ ਵਿਵਾਦਾਂ ਵਿੱਚ ਵੀ ਘਿਰਦਾ ਰਿਹਾ ਹੈ।


ਦੱਸ ਦਈਏ ਕਿ ਪੰਜਾਬ ਦੇ ਵੱਡੀ ਗਿਣਤੀ ਲੋਕ ਪਰਲਜ਼ ਗਰੁੱਪ ਦੀ ਠੱਗੀ ਦੀ ਲਪੇਟ ਵਿੱਚ ਆਏ ਹਨ ਤੇ ‘ਆਪ’ ਨੇ ਚੋਣਾਂ ਦੌਰਾਨ ਨਿਵੇਸ਼ਕਾਂ ਦਾ ਪੈਸਾ ਵਾਪਸ ਕਰਾਉਣ ਦਾ ਵਾਅਦਾ ਵੀ ਕੀਤਾ ਸੀ। ਪੰਜਾਬ ’ਚ ਸਭ ਤੋਂ ਵੱਧ ਮਾਲਵਾ ਖ਼ਿੱਤਾ ਪਰਲਜ਼ ਗਰੁੱਪ ਦੀ ਮਾਰ ਹੇਠ ਆਇਆ ਹੈ। ਕੁਝ ਪੀੜਤ ਤਾਂ ਸਦਮਾ ਨਾ ਸਹਾਰਦੇ ਮੌਤ ਦੇ ਮੂੰਹ ਵੀ ਜਾ ਪਏ ਹਨ। 


ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੇ ਮਾਮਲੇ ’ਤੇ ਛਾਣਬੀਣ ਲਈ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਤੇ ਕਾਨੂੰਨੀ ਮਸ਼ਵਰਾ ਲਿਆ ਜਾ ਰਿਹਾ ਹੈ। ਉਂਜ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਤੇ ਸੀਬੀਆਈ ਕਰੀਬ 60 ਹਜ਼ਾਰ ਕਰੋੜ ਦੀ ਠੱਗੀ ਦਾ ਕੇਸ ਦਰਜ ਕਰ ਚੁੱਕੀ ਹੈ। ਪਰਲਜ਼ ਗਰੁੱਪ ਦਾ ਸੀਐਮਡੀ ਨਿਰਮਲ ਸਿੰਘ ਭੰਗੂ ਤਿਹਾੜ ਜੇਲ੍ਹ ਵਿੱਚ ਹੈ।


ਹਾਸਲ ਜਾਣਕਾਰੀ ਮੁਤਾਬਕ ਦੇਸ਼ ਭਰ ਵਿੱਚ ਕਰੀਬ 5.5 ਕਰੋੜ ਨਿਵੇਸ਼ਕਾਂ ਦਾ ਪੈਸਾ ਡੁੱਬਿਆ ਹੈ ਤੇ ਇਨ੍ਹਾਂ ਕੰਪਨੀਆਂ ਦੇ ਦੋ ਦਰਜਨ ਦੇ ਕਰੀਬ ਅਹੁਦੇਦਾਰਾਂ ਤੇ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪਰਲਜ਼ ਗਰੁੱਪ ਵੱਲੋਂ ਨਿਵੇਸ਼ਕਾਂ ਨੂੰ ਸੌਖੇ ਤਰੀਕੇ ਨਾਲ ਪੈਸਾ ਕਮਾਉਣ ਦਾ ਝਾਂਸਾ ਦਿੱਤਾ ਜਾਂਦਾ ਸੀ। ਪੰਜਾਬ ਵਿੱਚ ਇਸ ਗਰੁੱਪ ਨੇ ਕਰੀਬ 30 ਹਜ਼ਾਰ ਪਾਲਿਸੀਆਂ ਜਾਰੀ ਕੀਤੀਆਂ ਸਨ ਜਿਨ੍ਹਾਂ ਨਾਲ ਲੋਕਾਂ ਦਾ ਕਰੀਬ 10 ਹਜ਼ਾਰ ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ।