'ਆਪ' 'ਚ ਧੜਾਧੜ ਸ਼ਾਮਲ ਹੋ ਰਹੇ ਦੂਜੀਆਂ ਪਾਰਟੀਆਂ ਦੇ ਲੀਡਰ
ਏਬੀਪੀ ਸਾਂਝਾ | 13 Mar 2020 05:50 PM (IST)
ਦਿੱਲੀ ਚੋਣਾਂ ਵਿੱਚ ਜਿੱਤ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਦੇ ਲੀਡਰ ਧੜਾਧੜ ਸ਼ਾਮਲ ਹੋ ਰਹੇ ਹਨ। ਅੱਜ ਵੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਨੇ 'ਆਪ' ਦਾ ਝਾੜੂ ਫੜਿਆ।
ਚੰਡੀਗੜ੍ਹ: ਦਿੱਲੀ ਚੋਣਾਂ ਵਿੱਚ ਜਿੱਤ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਦੇ ਲੀਡਰ ਧੜਾਧੜ ਸ਼ਾਮਲ ਹੋ ਰਹੇ ਹਨ। ਅੱਜ ਵੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਨੇ 'ਆਪ' ਦਾ ਝਾੜੂ ਫੜਿਆ। 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022 ਵਿੱਚ 'ਆਪ' ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਵੀ ਦਿੱਲੀ ਮਾਡਲ ਨੂੰ ਲਾਗੂ ਕਰਕੇ ਲੋਕਹਿੱਤ ਕੰਮ ਕੀਤੇ ਜਾਣਗੇ। ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ। 'ਆਪ' 'ਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਬਠਿੰਡਾ ਵਿਧਾਨ ਸਭਾ ਹਲਕੇ ਤੋਂ ਜਤਿੰਦਰ ਸਿੰਘ ਭੱਲਾ ਜੋ ਰਿਟਾ. ਪ੍ਰਿੰਸੀਪਲ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਕੋਰ ਕਮੇਟੀ ਮੈਂਬਰ ਤੇ ਸਮਾਜ ਸੇਵੀ ਵਜੋਂ ਪਛਾਣ ਰੱਖਦੇ ਹਨ। ਇਸੇ ਤਰ੍ਹਾਂ ਓਲੰਪੀਅਨ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਪਾਇਲ (ਲੁਧਿਆਣਾ) ਤੋਂ ਰਾਸ਼ਟਰੀ ਖੇਡਾਂ ਵਿੱਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੇ ਕਪਤਾਨ ਰਾਮ ਪਾਲ ਸਿੰਘ ਆਪਣੇ ਦਰਜਨਾਂ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਰਾਜਾਸਾਂਸੀ (ਅੰਮ੍ਰਿਤਸਰ) ਖੇਤਰ ਦਾ ਇੱਕ ਪ੍ਰਮੁੱਖ ਚਿਹਰਾ ਵਰੁਨ ਕੁਮਾਰ ਜੋ ਅਕਾਲੀ ਦਲ (ਅੰਮ੍ਰਿਤਸਰ-ਦੇਹਾਤੀ) ਦੇ ਸੀਨੀਅਰ ਮੀਤ ਪ੍ਰਧਾਨ ਹਨ, ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਮੂਲੀਅਤ ਕੀਤੀ।