ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੀ ਤੀਜੀ ਲ਼ਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਮੌਤ ਦੇ ਮੂੰਹ ’ਚ ਜਾਣ ਤੋਂ ਬਚਾਇਆ ਜਾ ਸਕੇ।
ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੰਜਾਬ ਦੇ ਵਸਨੀਕਾਂ ਲਈ ਬਹੁਤ ਮਾਰੂ ਸਿੱਧ ਹੋਈ ਹੈ ਅਤੇ ਹੁਣ ਬਲੈਕ ਫੰਗਸ ਦੀ ਆ ਰਹੀ ਸਮੱਸਿਆ ਨੇ ਮੌਤਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਸੁਚੱਜੇ ਪ੍ਰਬੰਧ ਨਹੀਂ ਕੀਤੇ । ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੀ ਚੇਤਾਵਨੀ ਦੇ ਬਾਵਜੂਦ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ।
ਚੀਮਾ ਨੇ ਕਿਹਾ ਕਿ ਸੂਬੇ ਭਰ ’ਚ ਕੋਰੋਨਾ ਨਾਲ ਪੀੜਤ ਗੰਭੀਰ ਮਰੀਜ਼ਾਂ ਦਾ ਜੀਵਨ ਬਚਾਉਣ ਲਈ ਜਿਥੇ ਦਵਾਈਆਂ ਦੀ ਘਾਟ ਰਹੀ, ਉਥੇ ਹੀ ਵੈਂਟੀਲੇਟਰ ਅਤੇ ਆਕਸੀਜਨ ਦੀ ਘਾਟ ਕਾਰਨ ਸੈਂਕੜੇ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਮੈਡੀਕਲ ਆਕਸੀਜਨ ਗੈਸ ਦਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਗੰਭੀਰ ਪੀੜਤ ਮਰੀਜਾਂ ਦੀ ਜਾਨ ਬਚਾਉਣ ਲਈ ਉਦਯੋਗਿਕ ਆਕਸੀਜਨ ਗੈਸ ਦੀ ਮਜਬੂਰੀ ਵੱਸ ਵਰਤੋਂ ਕਰਨੀ ਪਈ, ਜਿਸ ਕਾਰਨ ਬਲੈਕ ਫੰਗਸ ਦੀ ਨਵੀਂ ਸਮੱਸਿਆ ਪੈਦਾ ਹੋ ਗਈ। ਜਿਸ ਦੇ ਲਈ ਸਿੱਧੇ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ