ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰੀਖਿਆਵਾਂ ’ਚ ‘ਪੰਜਾਬੀ ਯੋਗਤਾ ਪ੍ਰੀਖਿਆ’ 50 ਫ਼ੀਸਦੀ ਅੰਕਾਂ ਨਾਲ ਲਾਜ਼ਮੀ ਪਾਸ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਜਿੱਥੇ ਪੰਜਾਬੀ ਭਾਸ਼ਾ ਪ੍ਰਫੁੱਲਤ ਹੋਵੇਗੀ, ਉਥੇ ਹੀ ਸਰਕਾਰੀ ਨੌਕਰੀਆਂ ਵੱਡੀ ਗਿਣਤੀ ’ਚ ਪੰਜਾਬੀਆਂ ਨੂੰ ਹੀ ਮਿਲਣਗੀਆਂ।’ ਇਹ ਪ੍ਰਗਟਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਗੁਰਦੇਵ ਸਿੰਘ (ਦੇਵ ਮਾਨ) ਨੇ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਲੰਮੇ ਸਮੇਂ ਤੋਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਵਿਸ਼ਾ ਲਾਜ਼ਮੀ ਕਰਨ ਦੀ ਮੰਗ ਕਰ ਰਹੇ ਸਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੂਰਾ ਕਰ ਦਿੱਤਾ ਹੈ। 


ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਦੱਸਿਆ, ‘‘ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗਰੁੱਪ ਸੀ ਅਤੇ ਡੀ ਦੀਆਂ ਨੌਕਰੀਆਂ ਦੀ ਭਰਤੀ ਲਈ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ ਘੱਟ 50 ਫ਼ੀਸਦੀ ਅੰਕਾਂ ਨਾਲ ਲਾਜ਼ਮੀ ਪਾਸ ਕਰਨ ਦਾ ਫ਼ੈਸਲਾ ਕੀਤਾ ਹੈ, ਜਿਹੜਾ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਸਨ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਪਹਿਲ ਮਿਲਣੀ ਚਾਹੀਦੀ ਹੈ। ਇਸ ਲਈ ਮੁੱਖ ਮੰਤਰੀ ਨੇ ਗਰੁੱਪ ਸੀ ਅਤੇ ਡੀ ਦੀਆਂ ਕੱਢੀਆਂ ਕਰੀਬ 26,000 ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰੀਕਿਰਿਆ ’ਚ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਕੀਤਾ ਹੈ, ਉਹ ਵੀ 50 ਫ਼ੀਸਦੀ ਤੋਂ ਵੱਧ ਅੰਕਾਂ ਨਾਲ। 

Continues below advertisement



ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਵੱਡਾ ਕਦਮ ਨਾਲ ਨੌਕਰੀਆਂ ਦੀ ਭਾਲ ਕਰ ਰਹੇ ਨੌਜਵਾਨਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਮਾਨ ਸਰਕਾਰ ਦੇ ਫ਼ੈਸਲੇ ਨਾਲ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦੀ ਆਸ ਬੱਝੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਸਰਕਾਰ ਲਗਾਤਾਰ ਪੰਜਾਬ ਪੱਖੀ ਫ਼ੈਸਲੇ ਕਰ ਰਹੀ ਹੈ ਅਤੇ ਸਰਕਾਰ ਦੇ ਫ਼ੈਸਲਿਆਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।