Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਨ ਦੇ ਸਿੱਟੇ ਭਿਆਨਕ ਹੋ ਸਕਦੇ ਹਨ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਨਹੀਂ ਕੀਤਾ। 



ਉਨ੍ਹਾਂ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਕਰ ਕੇ ਦਰਿਆਈ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਹਰਿਆਣਾ ਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ। ਇਸੇ ਲਈ ਪਾਣੀਆਂ ਬਾਰੇ ਹਰਿਆਣਾ ਨਾਲ ਚਰਚਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇ ਗ਼ੈਰ-ਰਿਪੇਰੀਅਨ ਹਰਿਆਣਾ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹਿੱਸਾ ਮੰਗਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਫਿਰ ਤਾਮਿਲਨਾਡੂ, ਬੰਗਾਲ ਜਾਂ ਕੇਰਲਾ ਸਾਰੇ ਗ਼ੈਰ-ਰਿਪੇਰੀਅਨ ਸੂਬਿਆਂ ਨੂੰ ਰਾਵੀ, ਸਤਲੁਜ ਤੇ ਬਿਆਸ ਦਰਿਆਵਾਂ ਵਿੱਚੋਂ ਪਾਣੀ ਮੰਗਣ ਤੋਂ ਕੋਈ ਵੀ ਨਹੀਂ ਰੋਕ ਸਕਦਾ। 



ਉਨ੍ਹਾਂ ਕਿਹਾ ਕਿ ਜੇ ਅਸੀਂ ਇਹੀ ਪੈਮਾਨਾ ਅਪਣਾਈਏ ਤਾਂ ਕੋਈ ਵੀ ਪੰਜਾਬ ਨੂੰ ਗੋਦਾਵਰੀ ਤੇ ਗੰਗਾ ਵਿੱਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ 2016 ਵਿੱਚ ਉਦੋਂ ਹੀ ਖ਼ਤਮ ਹੋ ਗਿਆ ਸੀ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਇਸ ਨਹਿਰ ਦੀ ਜ਼ਮੀਨ ਅਸਲ ਮਾਲਕ ਕਿਸਾਨਾਂ ਨੂੰ ਮੁਫ਼ਤ ’ਚ ਵਾਪਸ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿੱਚ ਇਹ ਤੌਖਲਾ ਹੈ ਕਿ ‘ਆਪ’ ਸਰਕਾਰ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਤਿਆਰੀ ਵਿੱਚ ਹੈ।



ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।