ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਨੇ ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸਾਂਭ ਲਿਆ ਹੈ। ਅਦਾਲਤ ਦੇ ਹੁਕਮਾਂ ਨਾਲ ਉਨ੍ਹਾਂ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਵਿੱਚ ਹੀ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਲਗਭਗ ਚਾਰ ਕਰੋੜ 50 ਲੱਖ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਦਿੱਤੀ ਗਈ।

ਦੱਸਣਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਜਥੇਦਾਰ ਅਵਤਾਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।

ਸਰਨਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਵੀ ਮੈਂਬਰ ਹਨ। ਇਸ ਚੋਣ ਖ਼ਿਲਾਫ਼ ਪਟਨਾ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੇ ਹੁਣ ਨਵੰਬਰ ਮਹੀਨੇ ਵਿੱਚ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਰੱਦ ਕਰ ਦਿੱਤਾ ਹੈ।

ਅਦਾਲਤ ਦੇ ਫ਼ੈਸਲੇ ਨਾਲ ਮੁੜ ਜਥੇਦਾਰ ਅਵਤਾਰ ਸਿੰਘ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਮੀਟਿੰਗ ਦੀ ਕਾਰਵਾਈ ਬਾਰੇ ਉਨ੍ਹਾਂ ਦੱਸਿਆ ਕਿ ਅੱਜ ਮੀਟਿੰਗ ਵਿੱਚ ਬਹੁਸੰਮਤੀ ਨਾਲ ਸਰਨਾ ਵੱਲੋਂ ਕੀਤੇ ਫ਼ੈਸਲਿਆਂ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਅਤੇ ਬਣਾਈ ਕਮੇਟੀ ਵੀ ਭੰਗ ਕਰ ਦਿੱਤੀ ਹੈ।

ਮੀਟਿੰਗ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਵੱਡੇ ਪੱਧਰ ’ਤੇ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਤੇ ਸੰਗਤ ਲਈ ਦੋ ਟੈਂਟ ਸਿਟੀ ਬਣਾਏ ਜਾਣਗੇ। ਇੱਕ ਟੈਂਟ ਸਿਟੀ ਕੰਗਣ ਘਾਟ ਅਤੇ ਦੂਜਾ ਬਾਈਪਾਸ ਵਿਖੇ ਬਣਾਇਆ ਜਾਵੇਗਾ। ਲੰਗਰ ਦੀ ਸੇਵਾ ਵੱਖ-ਵੱਖ ਸੰਤਾਂ ਅਤੇ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਬਾਬਾ ਮਹਿੰਦਰ ਸਿੰਘ ਇੰਗਲੈਂਡ ਵਾਲੇ, ਬਾਬਾ ਨਿਰਮਲ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਆਦਿ ਸ਼ਾਮਲ ਹਨ।

ਗੁਰਪੁਰਬ ਨੂੰ ਸਮਰਪਿਤ 12 ਤੋਂ 22 ਦਸੰਬਰ ਤੱਕ ਪ੍ਰਭਾਤ ਫੇਰੀਆਂ ਹੋਣਗੀਆਂ। 22 ਦਸੰਬਰ ਨੂੰ ਸਵੇਰੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਸਮਾਗਮ ਅਤੇ ਰਾਤ ਨੂੰ ਦੀਵਾਨ ਹਾਲ ਵਿਖੇ ਕਵੀ ਦਰਬਾਰ ਹੋਵੇਗਾ। ਇਸ ਦੌਰਾਨ ਰਾਸ਼ਟਰਪਤੀ ਦੇ ਪੁੱਜਣ ਦੀ ਵੀ ਉਮੀਦ ਹੈ। 24 ਦਸੰਬਰ ਨੂੰ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ। 25 ਦਸੰਬਰ ਨੂੰ ਗੁਰਪੁਰਬ ਵਾਲੇ ਦਿਨ ਮੁੱਖ ਗੁਰਮਤਿ ਸਮਾਗਮ ਹੋਵੇਗਾ।