ਲੁਧਿਆਣਾ: ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਬੇਅਦਬੀ ਤੇ ਗੋਲ਼ੀਕਾਂਡਾਂ 'ਤੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਆਪਣੀ ਹੀ ਪਾਰਟੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਪਾਰਟੀ ਵਿੱਚ ਦਮ ਘੁੱਟਣ ਦੀ ਸ਼ਿਕਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਤੇ ਸਾਲ 2014 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਬੀਰਮੀ ਨੇ ਬੀਤੀ ਤਿੰਨ ਸਤੰਬਰ ਨੂੰ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧੀ ਬੀਰਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਅਕਾਲੀ ਦਲ ਦਾ ਨਾਂ ਆਉਣ ਤੋਂ ਬਾਅਦ ਉਨ੍ਹਾਂ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ।
ਬੀਰਮੀ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਵਾਲੀ ਪਾਰਟੀ ਦਾ ਧਰਨਾ ਦੇ ਰਹੇ ਬੇਕਸੂਰ ਸਿੱਖਾਂ 'ਤੇ ਗੋਲ਼ੀ ਚਲਵਾਉਣ ਵਾਲੇ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਉਹ ਬੇਹੱਦ ਬੇਚੈਨ ਹੋ ਗਏ ਸਨ ਤੇ ਪਾਰਟੀ ਵਿੱਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ। ਬੀਰਮੀ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਅਕਾਲੀ ਦਲ ਤੇ ਜਥੇਦਾਰਾਂ ਉੱਤੇ ਵੀ ਸਵਾਲ ਚੁੱਕੇ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।