ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿੱਚ ਘਿਰ ਸਕਦੇ ਹਨ। ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਜਲਦ ਤੋਂ ਜਲਦ ਕਾਰਵਾਈ ਦੇ ਸੰਕੇਤ ਦਿੱਤੇ ਹਨ। ਇਸ ਤਹਿਤ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕੇਸ ’ਚ ਪੁੱਛ ਪੜਤਾਲ ਲਈ 30 ਅਗਸਤ ਨੂੰ ਸਵੇਰੇ 10.30 ਵਜੇ ਪੰਜਾਬ ਪੁਲਿਸ ਭਵਨ ਸੈਕਟਰ-32 ਵਿੱਚ ਹਾਜ਼ਰ ਹੋਣ।



ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਬਾਦਲ ’ਤੇ ਬੇਅਦਬੀ ਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਅਹਿਮ ਗੱਲ਼ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਸੁਖਬੀਰ ਬਾਦਲ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਇਲਜ਼ਾਮਾਂ ਦੀ ਝੜੀ ਲਾ ਦਿੱਤੀ ਹੈ।

ਕੰਗ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਘਟਨਾ ਮਗਰੋਂ 2015 ’ਚ ਵਾਪਰੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ’ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਜਿਸ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ 30 ਅਗਸਤ ਨੂੰ ਤਲਬ ਕੀਤਾ ਹੈ।  ਉਨ੍ਹਾਂ ਆਸ ਜਤਾਈ ਕਿ ਸਿੱਟ ਦੇ ਸੰਮਨ ਤੋਂ ਬਾਅਦ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ।

ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਆਪਣੇ ਪੱਤਰ ’ਚ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਦਰਜ ਹੋਏ ਮੁਕੱਦਮਾ ਨੰ. 129, ਜਿਸ ਵਿੱਚ ਸ਼ਾਂਤਮਈ ਧਰਨੇ ਉੱਪਰ ਬੈਠੀਆਂ ਸੰਗਤਾਂ ’ਤੇ ਗੋਲੀ ਚਲਾਉਣ ਤੇ ਲਾਠੀਚਾਰਜ ਕਰਨ ਦੇ ਦੋਸ਼ ਹਨ, ਦੀ ਪੜਤਾਲ ਹੋਣੀ ਹੈ। ਇਸੇ ਪੁਲਿਸ ਵੱਲੋਂ ਧਰਨਾਕਾਰੀਆਂ ਉੱਪਰ ਦਰਜ ਕਰਵਾਏ ਗਏ ਮੁਕੱਦਮਾ ਨੰ. 192 ਵਿੱਚ ਵੀ ਪੁੱਛ-ਪੜਤਾਲ ਹੋਵੇਗੀ।

ਇਸ ਤੋਂ ਪਹਿਲਾਂ ਵੀ ਵਿਸ਼ੇਸ਼ ਜਾਂਚ ਟੀਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛ ਪੜਤਾਲ ਲਈ ਦੋ ਵਾਰ ਬੁਲਾ ਚੁੱਕੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ, ਜਿਸ ਦੀ ਅਗਵਾਈ ਏਡੀਜੀਪੀ ਐਲਕੇ ਯਾਦਵ ਕਰ ਰਹੇ ਹਨ, ਨੇ ਪਿਛਲੇ ਹਫ਼ਤੇ ਫ਼ਰੀਦਕੋਟ ਅਦਾਲਤ ਵਿੱਚ ਜਾਂਚ ਪ੍ਰਕਿਰਿਆ ਬਾਰੇ ਸਟੇਟਸ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ ਜਾਂਚ ਟੀਮ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਵਿੱਚ ਅਜੇ ਕਈ ਅਹਿਮ ਪਹਿਲੂਆਂ ਉੱਪਰ ਕੰਮ ਕਰ ਰਹੀ ਹੈ। ਇਸ ਲਈ ਇਸ ਕੇਸ ਵਿੱਚ ਅਜੇ ਚਲਾਨ ਪੇਸ਼ ਕਰਨ ਲਈ ਕੁਝ ਸਮਾਂ ਲੱਗ ਸਕਦਾ ਹੈ। ਸੁਖਬੀਰ ਬਾਦਲ ਨੂੰ ਤੀਜੀ ਵਾਰ ਜਾਂਚ ਲਈ ਬੁਲਾਉਣ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।