ਬਰਨਾਲਾ: ਰਿਸ਼ਵਤ ਨਾ ਦੇਣ ਕਾਰਨ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉੱਜੜ ਗਈਆਂ। ਮਾਮਲਾ ਪੰਜਾਬ ਪੁਲਿਸ ਨਾਲ ਜੁੜਿਆ ਹੋਇਆ ਜਿਸ ਦੀ ਧੱਕੇਸ਼ਾਹੀ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ। ਘਟਨਾ ਬਰਨਾਲਾ ਦੀ ਹੈ ਜਿੱਥੇ ਸ਼ੁੱਕਰਵਾਰ ਸ਼ਾਮ ਪੁਲਿਸ ਦੀ ਪੀਸੀਆਰ ਟੀਮ ਨੇ ਹੰਡਿਆਏ ਵਿੱਚ ਗ਼ਰੀਬ ਪਰਿਵਾਰ ਦੇ ਘਰ ਜਾ ਕੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਕਾਰਨ ਪੁਲਿਸ ਦੇ ਤਿੰਨ ਜਵਾਨਾਂ ਨੇ ਘਰ ਮੌਜੂਦ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।


ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਸ਼ੁੱਕਰਵਾਰ ਸ਼ਾਮ ਅੱਠ ਵਜੇ ਦੇ ਕਰੀਬ ਪੰਜਾਬ ਪੁਲਿਸ ਦੇ ਤਿੰਨ ਜਵਾਨ ਉਨ੍ਹਾਂ ਦੇ ਘਰ ਆਏ ਤੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਕਰਮੀ ਨੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਜਦੋਂ ਪਰਿਵਾਰਕ ਮੈਂਬਰਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਪੁਲਿਸ ਕਰਮੀਆਂ ਨੇ ਇੱਕ ਮਹਿਲਾਂ ਨੂੰ ਆਪਣੇ ਨਾਲ ਥਾਣੇ ਲਿਜਾਣ ਦੀ ਕੋਸ਼ਿਸ਼ ਕੀਤੀ। ਮਹਿਲਾ ਦੇ ਬੌਬੀ ਨਾਮਕ ਜੇਠ ਨੇ ਪੁਲਿਸ ਦੀ ਇਸ ਹਰਕਤ ਦਾ ਵਿਰੋਧ ਕੀਤਾ ਤਾਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਪੁਲਿਸ ਦੀ ਕੁੱਟਮਾਰ ਵਿੱਚ ਜ਼ਖਮੀ ਹੋਏ ਬੌਬੀ ਨੂੰ ਉੱਥੇ ਹੀ ਛੱਡ ਕੇ ਪੀਸੀਆਰ ਟੀਮ ਚਲੀ ਗਈ। ਘਰ ਦੇ ਪਰਿਵਾਰਕ ਮੈਂਬਰ ਪਹਿਲਾਂ ਬੌਬੀ ਨੂੰ ਬਰਨਾਲਾ ਦੇ ਹਸਪਤਾਲ ਲੈ ਕੇ ਗਏ। ਹਾਲਤ ਗੰਭੀਰ ਹੁੰਦੀ ਦੇਖ ਡਾਕਟਰਾਂ ਨੇ ਬੌਬੀ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ। ਪਟਿਆਲਾ ਪਹੁੰਚਦੇ ਹੀ ਬੌਬੀ ਦੀ ਮੌਤ ਹੋ ਗਈ। ਬਰਨਾਲਾ ਦੇ ਡੀਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਆਖਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਕੁਝ ਆਖਿਆ ਜਾ ਸਕਦਾ ਹੈ।

ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਬਰਨਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਵੀ ਪਹੁੰਚ ਕੀਤੀ ਗਈ ਪਰ ਕਿਸੇ ਵੀ ਥਾਂ ਉੱਤੇ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਪੀੜਤ ਪਰਿਵਾਰ ਦਾ ਉਲਜ਼ਾਮ ਹੈ ਕਿ ਉਲਟਾ ਪੁਲਿਸ ਉਨ੍ਹਾਂ ਉੱਤੇ ਨਸ਼ੇ ਵੇਚਣ ਦਾ ਦੋਸ਼ ਲਾ ਰਹੀ ਹੈ। ਇਸ ਸਿਲਸਿਲੇ ਵਿੱਚ ਪੁਲਿਸ ਕਾਫ਼ੀ ਸਮੇਂ ਤੋਂ ਉਨ੍ਹਾਂ ਤੰਗ ਪ੍ਰੇਸ਼ਾਨ ਕਰ ਰਹੀ ਸੀ। ਮ੍ਰਿਤਕ ਬੌਬੀ ਦੀ ਮਾਂ ਪ੍ਰਕਾਸ਼ੋ ਦਾ ਕਹਿਣਾ ਹੈ ਕਿ ਪੁਲਿਸ ਕਾਫ਼ੀ ਲੰਮੇ ਸਮੇਂ ਤੋਂ ਪਰਿਵਾਰ ਨੂੰ ਨਸ਼ੇ ਦੇ ਕਾਰਨ ਤੰਗ ਪ੍ਰੇਸ਼ਾਨ ਕਰ ਰਹੀ ਹੈ। ਜਦੋਂਕਿ ਪਰਿਵਾਰ ਦਾ ਕੋਈ ਵੀ ਮੈਂਬਰ ਨਸ਼ੇ ਦਾ ਕੰਮ ਨਹੀਂ ਕਰਦਾ। ਪੀੜਤ ਪਰਿਵਾਰ ਨੇ ਦੋਸ਼ੀ ਪੁਲਿਸ ਕਰਮੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।