ਪੰਜਾਬ ਦੀ ਸ਼ਰਾਬ ਨੀਤੀ ਵੀ ਮਨੀਸ਼ ਸਿਸੋਦੀਆ ਨੇ ਘੜੀ, ਸਰਕਾਰੀ ਖ਼ਜ਼ਾਨੇ ਨੂੰ ਪਿਆ ਕਰੋੜਾਂ ਦਾ ਘਾਟਾ: ਮਜੀਠੀਆ
ਮਜੀਠੀਆ ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ, ਜਿਸ ਕਾਰਨ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਤੱਕ ਵਧਾਇਆ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ, ਜਿਸ ਕਾਰਨ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।
ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਉਹੀ ਆਗੂ ਸ਼ਾਮਲ ਹਨ, ਜੋ ਦਿੱਲੀ ਦੇ ਮਾਮਲੇ ਵਿੱਚ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮਾਮਲੇ ਵਿੱਚ ਸੀਬੀਆਈ ਨੂੰ ਉਨ੍ਹਾਂ ਸੀਨੀਅਰ ਅਫ਼ਸਰਾਂ ਤੇ ‘ਆਪ’ ਆਗੂਆਂ ਦੀ ਭੂਮਿਕਾ ਸਬੰਧੀ ਵੀ ਜਾਂਚ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਪ੍ਰਾਈਵੇਟ ਸ਼ਰਾਬ ਕਾਰੋਬਾਰੀਆਂ ਨੂੰ ਵੱਡੇ ਲਾਭ ਪਹੁੰਚਾਏ ਹਨ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੱਖਰੇ ਤੌਰ ’ਤੇ ਹੋਣੀ ਚਾਹੀਦੀ ਹੈ।
ਇਮਾਨਦਾਰੀ ਦਾ ਰੌਲਾ ਪਾਉਣ ਵਾਲੇ ‘ਆਪ’ ਆਗੂ ਬੇਈਮਾਨ: ਅਸ਼ਵਨੀ ਸ਼ਰਮਾ
ਉਧਰ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਖ਼ੁਦ ਨੂੰ ਕੱਟੜ ਇਮਾਨਦਾਰ ਹੋਣ ਦਾ ਸਰਟੀਫਿਕੇਟ ਦੇਣ ਵਾਲੀ ਪਾਰਟੀ ਦੇ ਆਗੂ ਬੇਈਮਾਨ ਸਾਬਤ ਹੋ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਤੇ ਹੁਣ ਜਦੋਂ ਸੀਬੀਆਈ ਨੇ ਪੰਜ ਮਹੀਨੇ ਦੀ ਜਾਂਚ ਮਗਰੋਂ ਸਬੂਤਾਂ ਦੇ ਆਧਾਰ ’ਤੇ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ‘ਆਪ’ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ‘ਆਪ’ ਦਾ ਭ੍ਰਿਸ਼ਟ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ ਤੇ ਸਾਬਤ ਹੋ ਗਿਆ ਹੈ ਕਿ ਇਮਾਨਦਾਰੀ ਦਾ ਚੋਲਾ ਪਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਭ੍ਰਿਸ਼ਟ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।