ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਤੇ ਹਮਲਾ ਬੋਲਿਆ ਹੈ। ਉਨ੍ਹਾਂ ਅੱਜ ਅੰਮ੍ਰਿਤਸਰ ਵਿੱਚ ਪਹੁੰਚ ਕੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ। ਕੁਝ ਕਾਰਪੋਰੇਟ ਅਦਾਰਿਆਂ ਨੂੰ ਖੁਸ਼ ਕਰਨ ਲਈ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਵੱਲ ਧਿਆਨ ਨਹੀਂ ਦੇ ਰਹੀ।

ਸਿਸੋਦੀਆ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਨੂੰ ਗੈਰ ਮਨੁੱਖੀ ਕਰਾਰ ਦਿੱਤਾ। ਉਨ੍ਹਾਂ ਨਾਲ ਹੀ ਭਾਜਪਾ ਦੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਦੱਸਿਆ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ 'ਚ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ 'ਚ ਫਤਵਾ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਦਿੱਲੀ 'ਚ ਸਿੱਖਿਆ ਸਮੇਤ ਹਰ ਖੇਤਰ 'ਚ ਹੋਏ ਬੁਨਿਆਦੀ ਵਿਕਾਸ ਵੱਲ ਧਿਆਨ ਕੇਂਦਰਤ ਕਰਨ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ। ਸਿਸੋਦੀਆ ਨੇ ਸਾਫ ਕੀਤਾ ਕਿ ਆਮ ਆਦਮੀ ਪਾਰਟੀ ਆਪਣੇ ਪੱਧਰ 'ਤੇ ਵਿਧਾਨ ਸਭਾ ਚੋਣਾਂ ਲੜੇਗੀ।