ਬਠਿੰਡਾ: ਪੰਜਾਬ ਵਿੱਚ ਲੋਕ ਸਭਾ ਚੋਣਾਂ ਮੌਕੇ ਬਰਗਾੜੀ ਬੇਅਦਬੀ ਤੇ ਗੋਲ਼ੀਕਾਂਡ ਦਾ ਮੁੱਦਾ ਸਿਖਰਾਂ 'ਤੇ ਹੈ। ਜਿੱਥੇ ਕਾਂਗਰਸ ਅਕਾਲੀ ਦਲ ਨੂੰ ਇਸ ਮੁੱਦੇ 'ਤੇ ਘੇਰ ਰਹੀ ਹੈ, ਉੱਥੇ ਹੀ ਅਕਾਲੀ ਦਲ ਨੇ ਕਾਂਗਰਸ ਨੂੰ 1984 ਦਾ ਦੋਸ਼ੀ ਗਰਦਾਨ ਦਿੱਤਾ ਹੈ। ਕਾਂਗਰਸ ਵੱਲੋਂ ਅੱਜ ਬਰਗਾੜੀ ਵਿੱਚ ਰੈਲੀ ਕੀਤੀ ਗਈ ਜਿੱਥੇ ਰਾਹੁਲ ਗਾਂਧੀ ਨੇ ਲੋਕਾਂ ਨੂੰ ਪੁਲਿਸ ਫਾਇਰਿੰਗ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਯਕੀਨ ਦਿਵਾਇਆ ਉੱਥੇ ਹੀ ਅਕਾਲੀ ਦਲ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਗਾਂਧੀ ਪਰਿਵਾਰ ਨੂੰ ਘੇਰਿਆ।

ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਉਸੇ ਰਾਜੀਵ ਗਾਂਧੀ ਦਾ ਪੁੱਤਰ ਹੈ ਜਿਸ ਨੇ ਗੁਰੂ ਸਾਹਿਬ ਦੇ ਪਵਿੱਤਰ ਅਸਥਾਨਾਂ 'ਤੇ ਹਮਲੇ ਕਰਵਾ ਕੇ ਸਿੱਖਾਂ ਦਾ ਲਹੂ ਵਹਾਇਆ ਸੀ। ਉਨ੍ਹਾਂ ਬਰਗਾੜੀ ਮੋਰਚੇ ਦੇ ਆਗੂਆਂ ਤੇ ਮੁਤਵਾਜ਼ੀ ਜਥੇਦਾਰਾਂ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੂੰ ਵਿਦੇਸ਼ੀ ਫੰਡਿੰਗ 'ਤੇ ਸਵਾਲ ਵੀ ਚੁੱਕੇ।

ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾ ਕੇ ਪਛਤਾਵਾ ਦਿਵਸ ਮਨਾਉਣਾ ਚਾਹੀਦਾ ਹੈ ਕਿ ਉਨ੍ਹਾਂ ਸਹੁੰ ਚੁੱਕ ਕੇ ਦੋ ਸਾਲ ਬੀਤਣ 'ਤੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਬੇਅਦਬੀ ਕੀ ਹੋ ਸਕਦੀ ਹੈ।

ਉੱਧਰ, ਸਿਰਸਾ ਨੇ ਕਿਹਾ ਕਿ ਸਾਡੀ ਭਾਜਪਾ ਸਰਕਾਰ ਨੇ 35 ਸਾਲ ਬਾਅਦ ਸੱਜਣ ਕੁਮਾਰ ਜਿਹੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਗਦੀਸ਼ ਟਾਈਟਲਰ ਤੇ ਕਮਲਨਾਥ ਜਿਹਿਆਂ ਨੂੰ ਵੀ ਜੇਲ੍ਹ ਦੀਆਂ ਸੀਖਾਂ ਪਿੱਛੇ ਡੱਕਿਆ ਜਾਵੇਗਾ।