ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨਿੱਤ ਨਵੇਂ ਖੁਲਾਸੇ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਜਾਣ ਮਗਰੋਂ ਜੀਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸਣੇ ਦਿੱਲੀ ਦੇ ਕਈ ਲੀਡਰਾਂ 'ਤੇ ਇਲਜ਼ਾਮ ਲਾ ਚੁੱਕੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਹੁਣ ਉਨ੍ਹਾਂ ਨੇ ਪੁਰਾਤਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੇਚਣ ਦੇ ਇਲਜ਼ਾਮ ਲਾਏ ਹਨ।


ਜੀਕੇ ਨੇ ਦਾਅਵਾ ਕੀਤਾ ਹੈ ਕਿ ਪੁਰਾਤਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ 12 ਕਰੋੜ ਰੁਪਏ ਵਿੱਚ ਵੇਚਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਇਸ ਸਰੂਪ ਉੱਤੇ ਗੁਰੂ ਗੋਬਿੰਦ ਸਿੰਘ ਦੇ ਦਸਤਖਤ ਸਨ ਤੇ ਗੁਰੂ ਸਾਹਿਬ ਨੇ ਆਪਣੇ-ਆਪ ਭਾਈ ਮਨੀ ਸਿੰਘ ਨੂੰ ਦਰਬਾਰ ਸਾਹਿਬ ਦਾ ਮੁਖੀ ਨਿਯੁਕਤ ਕਰਦੇ ਸਮੇਂ 1701 ਵਿੱਚ ਸਪੁਰਦ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸਰੂਪ ਨੂੰ 12 ਕਰੋੜ ਵਿੱਚ ਵੇਚਣ ਦੀ ਗੱਲ ਸਾਹਮਣੇ ਆ ਰਹੀ ਹੈ। ਕਮੇਟੀ ਦੇ ਨੁਮਾਇੰਦਿਆਂ ਵੱਲੋਂ 12 ਕਰੋੜ ਵਿੱਚ ਹਸਤਲਿਖਤ ਸਰੂਪ ਵੇਚਣ ਦੇ ਮੀਡੀਆ ਵੱਲੋਂ ਕੀਤੇ ਗਏ ਦਾਅਵੇ ਮਗਰੋਂ ਜੀਕੇ ਨੇ ਕਿਹਾ ਕਿ ਹੁਣ ਸੱਚ ਸਾਹਮਣੇ ਆਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਫਰਵਰੀ 1983 ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਪੱਤਰ ਲਿਖਿਆ ਸੀ। ਇਸ ’ਚ ਉਨ੍ਹਾਂ ਨੇ ਭਿੰਡਰਾਵਾਲੇ ਨੂੰ ਪੰਜਾਬ ਦੀਆਂ ਸਾਰੀਆਂ ਮੁੱਢਲੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਸੀ। ਇਸ ਪੱਤਰ ਮਗਰੋਂ ਅਕਾਲੀ ਲੀਡਰਾਂ ਨੂੰ ਇਸ ਗੱਲ ਦਾ ਅਹਿਸਾਸ ਹੋਇਆ ਕਿ ਜੇ ਸਰਕਾਰ ਨੇ ਭਿੰਡਰਾਵਾਲੇ ਨੂੰ ਵਿਸ਼ਵਾਸ ਵਿੱਚ ਲੈ ਕੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਦਿੱਤੀ ਤਾਂ ਉਨ੍ਹਾਂ ਦੀ ਸਿਆਸਤ ਦਾ ਕੀ ਹੋਵੇਗਾ। ਉਨ੍ਹਾਂ ਦੱਸਿਆ ਕਿ ਹਮਲੇ ਮਗਰੋਂ ਸਰਕਾਰ ਵੀ ਇਸ ਦਬਾਅ ਵਿੱਚ ਸੀ ਕਿ ਜੇ ਭਿੰਡਰਾਵਾਲੇ ਨੂੰ ਲਿਖੇ ਖ਼ਤ ਸਿੱਖਾਂ ਦੇ ਹੱਥ ਲੱਗ ਗਏ ਤਾਂ ਇਹ ਸਿੱਖਾਂ ਦੇ ਕੋਲ ਸਰਕਾਰ ਦੇ ਵਿਸ਼ਵਾਸਘਾਤ ਦਾ ਅਹਿਮ ਦਸਤਾਵੇਜ਼ ਹੋਵੇਗਾ।

ਆਪ੍ਰੇਸ਼ਨ ਬਲੂ ਸਟਾਰ ਵੇਲੇ ਗਾਇਬ ਹੋਏ ਲਾਇਬ੍ਰੇਰੀ ਦੇ ਇਤਿਹਾਸਕ ਖਜ਼ਾਨੇ ਬਾਰੇ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕ੍ਰਿਪਾਲ ਸਿੰਘ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸਾਹਿਬ ਸਿੰਘ ਨੇ ਖ਼ਜਾਨੇ ਲਈ ਬ੍ਰਿਗੇਡੀਅਰ ਉਂਕਾਰ ਸਿੰਘ ਗੋਰਾਇਆ ਨਾਲ ਮਿਲ ਕੇ ਕੋਸ਼ਿਸ਼ ਕੀਤੀ ਸੀ, ਪਰ ਉਹ ਕਾਮਯਾਬ ਨਹੀਂ ਹੋਏ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੇ ਗਿਆਨੀ ਕ੍ਰਿਪਾਲ ਸਿੰਘ ਨੂੰ ਫੋਨ ਉੱਤੇ ਦੱਸਿਆ ਸੀ ਕਿ ਫ਼ੌਜ ਵਲੋਂ ਜਬਤ 125 ਬੋਰੀਆਂ ਨੂੰ ਉਨ੍ਹਾਂ ਨੇ ਆਪਣੀ ਅੱਖਾਂ ਨਾਲ ਦੇਖਿਆ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਰੱਖਿਆ ਮੰਤਰੀ ਏਕੇ ਐਂਟੋਨੀ ਨੇ 17 ਪੰਨੇ ਦੇ ਲਿਖਤੀ ਜਵਾਬ ਵਿੱਚ ਦਾਅਵਾ ਕੀਤਾ ਸੀ ਕਿ ਸਰਕਾਰ ਦੇ ਕੋਲ ਸਾਮਾਨ ਨਹੀਂ ਤੇ ਸੀਬੀਆਈ ਨੇ ਵੀ 2003-04 ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਸੀ ਕਿ ਸਾਰਾ ਸਾਮਾਨ ਉਹ ਸ਼੍ਰੋਮਣੀ ਕਮੇਟੀ ਨੂੰ ਦੇ ਚੁੱਕੇ ਹਨ, ਤਾਂ ਸ਼੍ਰੋਮਣੀ ਕਮੇਟੀ ਹੁਣ ਤੱਕ ਚੁਪ ਕਿਉਂ ਰਹੀ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਦੋਸ਼ੀਆਂ ਖ਼ਿਲਾਫ਼ ਜਥੇਦਾਰ ਅਕਾਲ ਤਖ਼ਤ ਤੇ ਪੰਜਾਬ ਪੁਲਿਸ ਕੋਲ ਕੌਮ ਦੀ ਅਮਾਨਤ ਨੂੰ ਖੁਰਦ-ਮੁਰਦ ਕਰਨ ਦੇ ਮਾਮਲੇ ਵਿੱਚ ਸ਼ਿਕਾਇਤ ਦੇਣ ਦਾ ਐਲਾਨ ਕੀਤਾ।