ਚੰਡੀਗੜ੍ਹ/ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਦਮਦਮੀ ਟਕਸਾਲ ਦੇ ਲੀਡਰਾਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ।



ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਦੇ ਬਾਹਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮਿਲਣ ਲਈ ਆਏ ਸੀ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਜੇ ਉਹ ਇਸ ਮਾਮਲੇ ਵਿੱਚ ਸੁਹਿਰਦ ਹਨ ਤਾਂ ਪਹਿਲਾਂ ਆਪਣੇ ਅਹੁਦੇ ਛੱਡਣ।

ਗੁਰੂ ਘਰਾਂ 'ਚ ਆਧੁਨਿਕ ਹਥਿਆਰਾਂ ਦੀ ਸਿਖਲਾਈ 'ਤੇ ਭੜਕੇ ਰਾਜਾ ਵੜਿੰਗ ਤੇ ਰੰਧਾਵਾ, ਜਥੇਦਾਰ ਨੂੰ ਪੁੱਛਿਆ ਇਹ ਸਵਾਲ

ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਘਰ ਤੋਂ ਕਰਨੀ ਚਾਹੀਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਨਾਮਜ਼ਦ ਕੀਤਾ ਜਾਵੇ, ਦਮਦਮੀ ਟਕਸਾਲ ਦਾ ਮੁਖੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਨਾਮਜ਼ਦ ਕੀਤਾ ਜਾਵੇ ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕੀਤਾ ਜਾਵੇ।

ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਵੀ ਕਿਹਾ ਕਿ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਹੁਦਾ ਛੱਡੇ ਤੇ ਇਸ ਅਹੁਦੇ ’ਤੇ ਵੀ ਕਿਸੇ ਬੰਦੀ ਸਿੱਖ ਨੂੰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਕਿਆਂ ਤੇ ਹਿੰਦੂਤਵੀਆਂ ਨੇ ਜਮਹੂਰੀਅਤ ਦਾ ਘਾਣ ਕੀਤਾ ਹੈ। ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।