Mann Government: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ 5 ’ਚੋਂ 4 ਗਾਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਦੋ ਸਾਲਾਂ ਵਿੱਚ ਪੂਰੀਆਂ ਹੋਣ ਵਾਲੀਆਂ ਗਰੰਟੀਆਂ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਢਾਂਚੇ ਵਿੱਚ ਸੁਧਾਰ, ਸਕੂਲ ਆਫ਼ ਐਮੀਨੈਂਸ ਸਥਾਪਤ ਕਰਕੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 300 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ ਦੇ ਨਾਲ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣਾ, ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਰਹਿੰਦੀ ਗਰੰਟੀ ਵੀ ਜਲਦੀ ਹੀ ਪੂਰੀ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਇਨ੍ਹਾਂ ਗਾਰੰਟੀਆਂ ਦੀ ਪੂਰਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਇਹ ਸੂਬੇ ਦੇ ਆਮ ਲੋਕਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਜ਼ਿਆਦਾਤਰ ਵਿਧਾਇਕ ਕੁਲੀਨ ਵਰਗ ਨਾਲ ਸਬੰਧਤ ਹੋਣ ਕਾਰਨ ਨਾ ਤਾਂ ਉਹ ਆਮ ਆਦਮੀ ਕਲੀਨਿਕ ਜਾਂਦੇ ਹਨ ਅਤੇ ਨਾ ਹੀ ਉਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ ਅਤੇ ਉਨ੍ਹਾਂ ਦੇ ਘਰਾਂ ਦਾ ਬਿਜਲੀ ਦਾ ਬਿੱਲ 300 ਯੂਨਿਟ ਤੋਂ ਵੱਧ ਹੈ।
ਉਨ੍ਹਾਂ ਕਿਹਾ ਕਿ ਇਹੀ ਕਾਰਨ ਹੋ ਸਕਦਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਨੇ ਸਿਰਫ਼ ਇੱਕ ਗਾਰੰਟੀ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਈਆਂ ਹੋਰ ਗਾਰੰਟੀਆਂ ਬਾਰੇ ਗੱਲ ਕਰਨ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਦਾ ਕਹਿਣਾ ਹੈ ਕਿ ਬਜਟ ਵਿੱਚ ਕੁਝ ਅਹਿਮ ਪਹਿਲੂਆਂ ਦੀ ਜਾਣਕਾਰੀ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਬੜੀ ਮਿਹਨਤ ਨਾਲ ਬਜਟ ਨਾਲ ਸਬੰਧਤ ਸਾਰੇ ਦਸਤਾਵੇਜ਼ ਤਿਆਰ ਕੀਤੇ ਹਨ ਪਰ ਸ਼ਾਇਦ ਵਿਰੋਧੀ ਧਿਰ ਦੇ ਇਨ੍ਹਾਂ ਮੈਂਬਰਾਂ ਨੇ ਬਜਟ ਨੂੰ ਧਿਆਨ ਨਾਲ ਨਹੀਂ ਪੜ੍ਹਿਆ, ਜਿਸ ਕਾਰਨ ਉਹ ਕਈ ਪੱਖਾਂ ਤੋਂ ਅਣਜਾਣ ਹੀ ਰਹੇ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਸਵਾਲ ਕੀਤਾ ਸੀ ਕਿ ਕਿਹੜੇ-ਕਿਹੜੇ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਸਪੀਕਰ ਰਾਹੀਂ ਵਿਰੋਧੀ ਧਿਰ ਦੇ ਨੇਤਾ ਨੂੰ ਸੂਚੀ ਭੇਜ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੁਝ ਮੈਂਬਰਾਂ ਨੇ ਕਿਹਾ ਕਿ ਸਿੱਖਿਆ ਦਾ ਬਜਟ ਘਟਿਆ ਹੈ ਜਦਕਿ ਸਿੱਖਿਆ ਦੇ ਬਜਟ ਵਿੱਚ 11.5 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੇਤੀਬਾੜੀ ਬਾਰੇ ਵੀ ਚਰਚਾ ਕੀਤੀ ਗਈ ਜਿਸ ਵਿੱਚ ਪਿਛਲੇ ਸਾਲ ਦੇ ਸੋਧੇ ਬਜਟ 13236 ਕਰੋੜ ਰੁਪਏ ਦੇ ਮੁਕਾਬਲੇ ਅਗਲੇ ਵਿੱਤੀ ਸਾਲ ਲਈ 13784 ਕਰੋੜ ਰੁਪਏ ਰੱਖੇ ਗਏ ਹਨ।